ਤਲਵੰਡੀ ਸਾਬੋ/ਪੰਜਾਬ ਪੋਸਟ
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਦੀ ਤਮਾਮ ਸਕਿਓਰਿਟੀ ਵਾਪਿਸ ਲੈ ਲਈ ਜਾਵੇ ਕਿਉਂਕਿ ਉਹ ਹੁਣ ਜਥੇਦਾਰ ਦੇ ਅਹੁਦੇ ਉੱਤੇ ਨਹੀਂ ਹਨ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਕੀਤੀ ਹੈ। ਇਸ ਤੋਂ ਇਲਾਵਾ ਫਿਲਹਾਲ ਉਨਾਂ ਵੱਲੋਂ ਇਸ ਅਸਤੀਫੇ ਬਾਬਤ ਹੋਰ ਕੋਈ ਬਿਆਨ ਨਹੀਂ ਆਇਆ ਹੈ। ਪਿਛਲੇ ਕੁੱਝ ਦਿਨਾਂ ਤੋਂ ਵਿਰਸਾ ਸਿੰਘ ਵਲਟੋਹਾ ਵੱਲੋਂ ਉਨਾਂ ਉੱਤੇ ਲਗਾਤਾਰ ਇਲਜ਼ਾਮ ਲਾਏ ਜਾ ਰਹੇ ਸਨ ਜਿਸ ਤੋਂ ਬਾਅਦ ਜਥੇਦਾਰ ਦਾ ਇਹ ਐਲਾਨ ਆਇਆ ਹੈ ਅਤੇ ਵਲਟੋਹਾ ਮਾਮਲੇ ਦੇ ਪ੍ਰਤੀਕਰਮ ਵਜੋਂ ਇਸ ਅਸਤੀਫੇ ਨੂੰ ਵੇਖਿਆ ਜਾ ਰਿਹਾ ਹੈ। ਦੂਜੇ ਬੰਨੇ, ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪਣੀ ਧਿਰ ਦੀ ਤਰਫੋਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਜਥੇਦਾਰ ਸਾਹਿਬ ਆਪਣੇ ਅਸਤੀਫੇ ਉੱਤੇ ਮੁੜ ਗੌਰ ਫ਼ੁਰਮਾਉਣ ਅਤੇ ਉਨਾਂ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਾ ਕੀਤਾ ਜਾਵੇ।
ਵੱਡੀ ਖ਼ਬਰ: ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ

Published: