- ਰੇਲ ਗੱਡੀ ਲੀਹੋਂ ਲੱਥਣ ਕਰਕੇ 4 ਲੋਕਾਂ ਦੀ ਮੌਤ ਅਤੇ 20 ਤੋਂ ਵਧੇਰੇ ਜ਼ਖ਼ਮੀ
- ਯੂਪੀ ਦੇ ਮੁੱਖ ਮੰਤਰੀ ਵੱਲੋਂ ਰਾਹਤ ਕਾਰਜਾਂ ਸਬੰਧੀ ਨਿਰਦੇਸ਼ ਜਾਰੀ
ਗੌਂਡਾ, ਉੱਤਰ ਪ੍ਰਦੇਸ਼/ਪੰਜਾਬ ਪੋਸਟ
ਉੱਤਰ ਪ੍ਰਦੇਸ਼ ਦੇ ਗੌਂਡਾ ਨੇੜੇ ਅੱਜ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਦੇ ਅੱਠ ਡੱਬੇ ਪੱਟੜੀ ਤੋਂ ਲੱਥ ਜਾਣ ਕਾਰਨ ਵਾਪਰੇ ਹਾਦਸੇ ਕਰਕੇ ਹੁਣ ਤੱਕ ਚਾਰ ਮੁਸਾਫਰਾਂ ਦੀ ਮੌਤ ਹੋ ਚੁੱਕੀ ਹੈ ਜਦਕਿ 20 ਤੋਂ ਵਧੇਰੇ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ ਜਿਨਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਸਥਾਨਕ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਪ੍ਰਭਾਵਿਤ ਮੁਸਾਫਰਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕੀਤੀ ਜਾਵੇ। ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਇਸ ਹਾਦਸੇ ’ਚ ਚਾਰ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਰਾਹਤ ਕਮਿਸ਼ਨਰ ਜੀਐੱਸ ਨਵੀਨ ਕੁਮਾਰ ਨੇ ਕਿਹਾ ਕਿ ਹਾਦਸੇ ਵਿੱਚ 20 ਮੁਸਾਫਰ ਜ਼ਖ਼ਮੀ ਹੋਏ ਹਨ। ਘਟਨਾ ਸਥਾਨ ’ਤੇ ਪੁੱਜੇ ਗੌਂਡਾ ਦੇ ਜ਼ਿਲ੍ਹਾ ਮੈਜਿਸਟਰੇਟ ਨੇਹਾ ਸ਼ਰਮਾ ਨੇ ਦੱਸਿਆ ਕਿ ਰੇਲ ਗੱਡੀ ਦੇ ਅੱਠ ਡੱਬੇ ਪੱਟੜੀ ਤੋਂ ਹੇਠਾਂ ਉੱਤਰ ਗਏ ਹਨ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ’ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਰਾਹਤ ਕਮਿਸ਼ਨਰ ਜੀਐੱਸ ਨਵੀਨ ਕੁਮਾਰ ਨੇ ਦੱਸਿਆ ਕਿ ਇੱਕ 40 ਮੈਂਬਰੀ ਮੈਡੀਕਲ ਟੀਮ ਅਤੇ 15 ਐਂਬੂਲੈਂਸਾਂ ਮੌਕੇ ’ਤੇ ਭੇਜੀਆਂ ਗਈਆਂ ਹਨ। ਰੇਲਵੇ ਤੇ ਸਥਾਨਕ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।