ਲੁਧਿਆਣਾ/ਪੰਜਾਬ ਪੋਸਟ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢੇ ਦਰਿਆ ਦੀ ਸੁਰਜੀਤੀ ਲਈ ਸਖ਼ਤ ਕਦਮ ਚੁਕਦਿਆਂ ਉਸ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਅਤੇ ਡੇਅਰੀ ਯੂਨਿਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਬੁੱਢੇ ਦਰਿਆ ਦੀ ਸੁਰਜੀਤੀ ਸਬੰਧੀ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਰਾਜਪਾਲ ਨੇ ਲੁਧਿਆਣਾ ਦਾ ਦੌਰਾ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਰਾਜਪਾਲ ਨੇ ਨਗਰ ਨਿਗਮ ਲੁਧਿਆਣਾ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਿੰਜਾਈ ਵਿਭਾਗ, ਸੀਵਰੇਜ ਬੋਰਡ ਅਤੇ ਹੋਰ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਰਾਜਪਾਲ ਕਟਾਰੀਆ ਨੇ ਕਿਹਾ ਕਿ ਕਈ ਏਜੰਸੀਆਂ ਦੇ ਸਾਂਝੇ ਯਤਨਾਂ ਦੇ ਬਾਵਜੂਦ ਬੁੱਢੇ ਦਰਿਆ ’ਚ ਪ੍ਰਦੂਸ਼ਣ ਨਹੀਂ ਰੁਕ ਰਿਹਾ ਜਿਸ ਲਈ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦਰਿਆ ਦੇ 14 ਕਿਲੋਮੀਟਰ ਦੇ ਹਿੱਸੇ ਦੀ ਤੁਰੰਤ ਹੱਦਬੰਦੀ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨੂੰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।






