ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਅਧਿਕਾਰਤ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਇਤਿਹਾਸਕ ਪ੍ਰਾਪਤੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਜਪਾਲ ਦੇ ਦਸਤਖ਼ਤ ਹੋਣ ਨਾਲ ਹੁਣ ਇਹ ਬਿੱਲ ਪੂਰੇ ਸੂਬੇ ਵਿੱਚ ਇੱਕ ਕਾਨੂੰਨ ਵਜੋਂ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਇਸ ਮੌਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਮਸਲੇ ‘ਤੇ ਲਿਆ ਗਿਆ ਇਹ ਫੈਸਲਾ ਸਮੁੱਚੀ ਸੰਗਤ ਦੀਆਂ ਭਾਵਨਾਵਾਂ ਦੀ ਜਿੱਤ ਹੈ।
ਇਸ ਨਵੇਂ ਕਾਨੂੰਨ ਤਹਿਤ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਸਜ਼ਾਵਾਂ ਨੂੰ ਬੇਹੱਦ ਸਖ਼ਤ ਕਰ ਦਿੱਤਾ ਗਿਆ ਹੈ। ਕਾਨੂੰਨ ਅਨੁਸਾਰ ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਘੱਟੋ-ਘੱਟ ਸੱਤ ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਜੇਕਰ ਕੋਈ ਵਿਅਕਤੀ ਕਿਸੇ ਸਾਜ਼ਿਸ਼ ਤਹਿਤ ਜਾਂ ਭਾਈਚਾਰਕ ਸਾਂਝ ਨੂੰ ਵਿਗਾੜਨ ਦੇ ਇਰਾਦੇ ਨਾਲ ਅਜਿਹੀ ਹਰਕਤ ਕਰਦਾ ਹੈ, ਤਾਂ ਉਸ ਨੂੰ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ ਪੰਜ ਲੱਖ ਤੋਂ ਪੱਚੀ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਨੂੰ ਰਾਜਪਾਲ ਦੀ ਹਰੀ ਝੰਡੀ; ਹੁਣ ਦੋਸ਼ੀਆਂ ਨੂੰ ਹੋਵੇਗੀ ਉਮਰ ਕੈਦ

Published:






