ਪੰਜਾਬ ਪੋਸਟ/ਬਿਓਰੋ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਆਦੇਸ਼ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣ ਲਈ ਪੁਖਤਾ ਪ੍ਰਬੰਧ ਕਰਦਿਆਂ ਹਰੇਕ ਗੁਰਦੁਆਰਾ ਸਾਹਿਬ ਵਿਖੇ 24 ਘੰਟੇ ਪਹਿਰੇਦਾਰੀ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪ੍ਰਚਾਰਕਾਂ ਨੂੰ ਹਲਕਾਵਾਰ ਜਾਗਰੂਕਤਾ ਮੁਹਿੰਮ ਚਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣ ਲਈ ਗੁਰਦੁਆਰਾ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਦੀ ਕੌਂਸਲਿੰਗ ਕਰਨ ਅਤੇ ਆਪੋ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦੀ ਹਿਦਾਇਤ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਦੁਆਰਾ ਜਾਰੀ ਬਿਆਨ ਵਿਚ ਜਥੇਦਾਰ ਨੇ ਬੀਤੇ ਕੱਲ੍ਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੋਤਾ ਚੀਮਾ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਜਦੋਂ ਵਾਰ-ਵਾਰ ਗੁਰੂ-ਘਰਾਂ ਵਿੱਚ ਬੇਅਦਬੀਆਂ ਹੋ ਰਹੀਆਂ ਹੋਣ ਤਾਂ ਸਿਰਫ਼ ਸਰਕਾਰਾਂ ਕੋਲੋਂ ਹੀ ਇਨਸਾਫ਼ ਦੀ ਟੇਕ ਰੱਖਣ ਦੀ ਬਜਾਇ ਸਿੱਖ ਸੰਗਤਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਲੋੜ ਹੈ, ਕਿਉਂਕਿ ਸਰਕਾਰ ਦਾ ਕਾਨੂੰਨ ਤੇ ਨਿਆਂ ਪ੍ਰਬੰਧ ਨਾਕਾਮ ਹੋ ਚੁੱਕਾ ਹੈ। ਉਨ੍ਹਾਂ ਆਖਿਆ ਕਿ ਭਵਿੱਖ ਵਿੱਚ ਕਿਸੇ ਵੀ ਬੇਅਦਬੀ ਦੀ ਘਟਨਾ ਲਈ ਸੰਬੰਧਿਤ ਗੁਰਦੁਆਰਾ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਖ਼ਿਲਾਫ਼ ਵੀ ਧਾਰਮਿਕ ਕਾਰਵਾਈ ਹੋਵੇਗੀ।