ਹੁਸ਼ਿਆਰਪੁਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਹੁਣ ਅਚਨਚੇਤ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਧਾਮੀ ਨੇ ਕਿਹਾ ਕਿ ਉਹ ਅਗਲੇ ਤਿੰਨ ਚਾਰ ਦਿਨਾਂ ਵਿਚ ਐੱਸਜੀਪੀਸੀ ਪ੍ਰਧਾਨ ਵਜੋਂ ਅਹੁਦਾ ਮੁੜ ਸੰਭਾਲ ਲੈਣਗੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਆਪਣੀ ਰਿਹਾਇਸ਼ ’ਤੇ ਬੰਦ ਕਮਰਾ ਮੀਟਿੰਗ ਮਗਰੋਂ ਇਹ ਗੱਲ ਕਹੀ ਹੈ। ਇਸ ਤੋਂ ਪਹਿਲਾਂ, ਹੁਸ਼ਿਆਰਪੁਰ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਗਈ ਅਤੇ ਉਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਮੰਨ ਗਏ ਹਨ ਹੁਣ ਉਹ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨੇ ਕਿਹਾ ਹੈ ਕਿ ‘ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਵੱਲੋਂ ਮੇਰੇ ਨਾਲ ਮੁਲਾਕਾਤ ਕਰ ਕੇ ਕਿਹਾ ਗਿਆ ਸੀ ਤੁਸੀਂ ਮੁੜ ਆਪਣੀ ਸੇਵਾ ਨੂੰ ਸੰਭਾਲੋ। ਮੈਂ ਪੰਥ ਦੇ ਹੁਕਮ ਨੂੰ ਮੰਨਦਾ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਜਲਦੀ ਹੀ ਸੰਭਾਲ ਲਵਾਂਗਾ’।