*ਜਨਰਲ ਇਜਲਾਸ ਚੋਣ ਵਿੱਚ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਆਈਆਂ
ਅੰਮ੍ਰਿਤਸਰ/ਪੰਜਾਬ ਪੋਸਟ
ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਸ ਪ੍ਰਕਿਰਿਆ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 107 ਵੋਟਾਂ ਮਿਲੀਆ ਜਦਕਿ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ 33 ਵੋਟਾਂ ਹੀ ਮਿਲ ਸਕੀਆਂ ਹਾਲਾਂਕਿ ਬੀਬੀ ਜਗੀਰ ਕੌਰ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਮਰਥਨ ਹਾਸਲ ਹੈ। ਵੋਟਿੰਗ ਦੀ ਪ੍ਰੀਕਿਰਿਆ ਦਰਮਿਆਨ 2 ਵੋਟਾਂ ਰੱਦ ਵੀ ਹੋਈਆਂ। ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਓਦੋਂ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਪਿਛਲੇ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ ਸਨ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਮੌਕੇ ਪਹਿਲਾਂ ਅਰਦਾਸ ਹੋਈ, ਜਿਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵਾਕ ਲਿਆ। ਇਸ ਉਪਰੰਤ ਮੂਲ ਮੰਤਰ ਦੇ ਪਾਠ ਕੀਤੇ ਗਏ ਅਤੇ ਫਿਰ ਵਿਛੜੀਆਂ ਰੂਹਾਂ ਲਈ ਮੂਲ ਮੰਤਰ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂਅ ਪੇਸ਼ ਕੀਤਾ ਜਿਸ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਾਈਦ ਕੀਤੀ। ਡੇਰਾ ਬਾਬਾ ਨਾਨਕ ਤੋਂ ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂਅ ਪੇਸ਼ ਕੀਤਾ ਜਿਸ ਦੀ ਮਿੱਠੂ ਸਿੰਘ ਕਾਨਹੇਕੇ ਹਲਕਾ ਮਾਨਸਾ ਨੇ ਤਾਈਦ ਕੀਤੀ ਅਤੇ ਸਤਵਿੰਦਰ ਸਿੰਘ ਟੌਹੜਾ ਨੇ ਤਾਈਦ ਦੀ ਮਜੀਦ ਕੀਤੀ। ਇਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੇ ਹੱਥ ਖੜ੍ਹੇ ਕਰ ਕੇ ਵੋਟਾਂ ਪੁਆਉਣ ਦਾ ਸੁਝਾਅ ਰੱਖਿਆ ਪਰ ਇਹ ਮਨਜ਼ੂਰ ਨਾ ਹੋਇਆ। ਇਸ ਉਪਰੰਤ ਹੁਣ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਵੱਡੇ ਫਰਕ ਨਾਲ ਜੇਤੂ ਰਹੇ। ਪ੍ਰਧਾਨ ਦੀ ਚੋਣ ਤੋਂ ਇਲਾਵਾ, 11 ਮੈਂਬਰ ਅੰਤਰਿੰਗ ਕਮੇਟੀ ਵਾਸਤੇ ਵੀ ਚੁਣੇ ਗਏ ਹਨ। ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਬਾਕੀ ਅਹੁਦਿਆਂ ਵਾਸਤੇ ਵਿਰੋਧੀ ਧਿਰ ਵੱਲੋਂ ਕੋਈ ਵੀ ਉਮੀਦਵਾਰ ਪੇਸ਼ ਨਹੀਂ ਕੀਤਾ ਗਿਆ, ਜਿਸ ਕਾਰਨ ਬਾਕੀ ਸਾਰੇ ਅਹੁਦੇਦਾਰ ਬਿਨਾਂ ਵਿਰੋਧ ਚੁਣੇ ਗਏ ਹਨ। ਇਸ ਤਹਿਤ, ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।