ਤਰਨ ਤਾਰਨ/ਪੰਜਾਬ ਪੋਸਟ
ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ। ਹਰਮੀਤ ਸਿੰਘ ਸੰਧੂ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਵਿਚ ਤਰਨਤਾਰਨ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਜਿੱਤੇ ਸਨ। 2007 ’ਚ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਅਤੇ ਉਹ ਕਾਂਗਰਸ ਦੇ ਮਨਜੀਤ ਸਿੰਘ ਘਸੀਟਪੁਰਾ ਨੂੰ ਜਿਤਾ ਕੇ ਉਸ ਵੇਲੇ ਸੱਤਾ ’ਚ ਆਈ ਪਾਰਟੀ ਦੇ ਵਿਧਾਇਕ ਬਣ ਗਏ ਜਦਕਿ 2012 ’ਚ ਮੁੜ ਹਰਮੀਤ ਸਿੰਘ ਸੰਧੂ ਨੇ ਅਕਾਲੀ ਦਲ ਵੱਲੋਂ ਚੋਣ ਲੜੀ ਅਤੇ ਕਾਂਗਰਸ ਦੇ ਡਾ. ਧਰਮਬੀਰ ਅਗਨੀਹੋਤਰੀ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ। ਦੋ ਵਾਰ ਸੱਤਾ ’ਚ ਆਈ ਅਕਾਲੀ ਦਲ ਦੀ ਸਰਕਾਰ ਸਮੇਂ ਹਰਮੀਤ ਸਿੰਘ ਸੰਧੂ ਨੂੰ ਦੋ ਵਾਰ ਮੁੱਖ ਪਾਰਲੀਮਾਨੀ ਸਕੱਤਰ ਵੀ ਬਣਾਇਆ ਗਿਆ ਅਤੇ ਇਕ ਵਾਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੀ ਬਣਾਏ ਗਏ।