ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੋਈ ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਸਬੰਧ ਵਿੱਚ ਸਵਾਲਾਂ ਦੇ ਜਵਾਬ ਵੀ ਦਿੱਤੇ ਹਨ। ਮੀਡੀਆ ਨਾਲ ਬੜੀ ਬੇਬਾਕੀ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਭਗੋੜਾ ਦਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਕੀਤੀ ਜਾ ਰਹੀ ਭਰਤੀ ਬੋਗਸ ਹੈ ਅਤੇ ਬੋਗਸ ਮੈਂਬਰਾਂ ਨੂੰ ਪਾਰਟੀ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਸਿਰਫ 18 ਲੱਖ ਵੋਟਾਂ ਪਈਆਂ ਸਨ ਅਤੇ ਹੁਣ ਭਰਤੀ ਦੀ ਗਿਣਤੀ 35 ਲੱਖਾਂ ਵਿੱਚ ਦਿਖਾਈ ਜਾ ਰਹੀ ਹੈ ਜੋ ਕਿ ਬੋਗਸ ਹੈ। ਸਿਆਸਤ ਵਿੱਚ ਸ਼ਾਮਲ ਹੋਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਧਰਮ ਦੇ ਵਿਦਿਆਰਥੀ ਹਨ ਪਰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਤੋਂ ਭਗੌੜੇ ਸ਼੍ਰੋਮਣੀ ਅਕਾਲੀ ਦਲ ਨੇ ਜੇ ਉਨ੍ਹਾਂ ਨੂੰ ਮਜਬੂਰ ਕੀਤਾ ਤਾਂ ਉਹ ਸਿਆਸੀ ਮੈਦਾਨ ’ਤੇ ਵੀ ਆਉਣ ਲਈ ਤਿਆਰ ਹੋਣਗੇ।