ਓਟਾਵਾ/ਪੰਜਾਬ ਪੋਸਟ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਭਾਰਤੀ ਵਿਦਿਆਰਥੀ ਗੁਰਕੀਰਤ ਸਿੰਘ ਮਨੋਚਾ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮੂਲ ਰੂਪ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਦਾ ਰਹਿਣ ਵਾਲਾ ਗੁਰਕੀਰਤ ਪਿਛਲੇ ਸਾਲ ਹੀ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ ਅਤੇ ਫੋਰਟ ਸੇਂਟ ਜੌਨ ਦੇ ‘ਨੌਰਦਰਨ ਲਾਈਟਸ ਕਾਲਜ’ ਵਿੱਚ ਪੜ੍ਹਾਈ ਕਰ ਰਿਹਾ ਸੀ। ਰਿਪੋਰਟਾਂ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੀ ਕੰਮ ਦੀ ਸ਼ਿਫਟ ਖ਼ਤਮ ਕਰਕੇ ਘਰ ਪਰਤ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਨੌਜਵਾਨਾਂ ਦੇ ਸਮੂਹ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਉੱਪਰ ਗੱਡੀ ਚੜ੍ਹਾ ਦਿੱਤੀ, ਜਿਸ ਕਾਰਨ ਉਸ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਗੁਰਕੀਰਤ ਦੇ ਪਰਿਵਾਰ ਨੇ ਭਾਰਤ ਸਰਕਾਰ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਮੰਗੀ ਹੈ। ਕੈਨੇਡੀਅਨ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਪਰ ਇਸ ਘਟਨਾ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਕੈਨੇਡਾ ‘ਚ ਇੱਕ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਤੋਂ ਬਾਅਦ ਮੌਤ

Published:






