ਖਨੌਰੀ/ਪੰਜਾਬ ਪੋਸਟ
ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਅੱਜ ਦਾ ਦਿਨ ਕਾਫੀ ਅਹਿਮ ਸਾਬਤ ਹੋ ਸਕਦਾ ਹੈ ਕਿਉਂਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ ਪਿਛਲੇ ਸਾਢੇ 9 ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਤੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨ ਨੇਤਾ ਡੱਲੇਵਾਲ ਨੇ ਕਿਹਾ ਕਿ ਉਹ ਇਹ ਪ੍ਰਣ ਕਰਕੇ ਹੀ ਮਰਨ ਵਰਤ ’ਤੇ ਬੈਠਣਗੇ ਕਿ ਕਿਸਾਨ ਮੰਗਾਂ ਦੀ ਪੂਰਤੀ ਤੋਂ ਬਿਨਾਂ ਮਰਨ ਵਰਤ ਨਹੀਂ ਤੋੜਨਗੇ। ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣੀ ਵੀ ਪ੍ਰਮੁੱਖ ਮੰਗਾਂ ’ਚ ਸ਼ੁਮਾਰ ਰਹੇਗੀ। ਦੂਜੇ ਪਾਸੇ ਦੋਵਾਂ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕੀਤਾ ਜਾਵੇਗਾ। ਦੋਵਾਂ ਜਥੇਬੰਦਆਂ ਨੇ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੀਆਂ ਹੋਰਨਾਂ ਕਿਸਾਨ, ਮਜ਼ਦੂਰ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀਆਂ ਜਥੇਬੰਦੀਆਂ ਨੂੰ ਵੀ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਵੱਡੇ ਇਕੱਠ ਕਰਕੇ ਸੰਘਰਸ਼ ਨੂੰ ਤੇਜ਼ ਕਰਨ ਦੀਆਂ ਲਾਮਬੰਦੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਅੱਜ 26 ਨਵੰਬਰ ਨੂੰ ਗੁਰਦਾਸਪੁਰ ਅਤੇ 28 ਨੂੰ ਅੰਮ੍ਰਿਤਸਰ ’ਚ ਵੀ ਕਿਸਾਨਾਂ ਵੱਲੋਂ ਵੱਡੇ ਇਕੱਠ ਕੀਤੇ ਜਾ ਰਹੇ ਹਨ।