- ਅਮਰੀਕਾ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਪ੍ਰਵਾਸੀਆਂ ਸਬੰਧੀ ਨੀਤੀ ਬਣਾਉਣ ਸਬੰਧੀ ਕੀਤੀ ਗੱਲਬਾਤ
ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟ
ਅਮਰੀਕਾ ਵਿੱਚ ਉੱਘੇ ਸਿੱਖ ਕਾਨੂੰਨਦਾਨ ਅਤੇ ਪ੍ਰਵਾਸ ਸਬੰਧੀ ਮਾਮਲਿਆਂ ਦੀ ਡੂੰਘੀ ਸਮਝ ਰੱਖਣ ਵਾਲੇ ਜਸਪ੍ਰੀਤ ਸਿੰਘ ਅਟਾਰਨੀ ਵੱਲੋਂ ਬੀਤੇ ਦਿਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਜਸਪ੍ਰੀਤ ਸਿੰਘ ਅਟਾਰਨੀ ਵੱਲੋਂ ਉਚੇਚੇ ਤੌਰ ਉੱਤੇ ਅਮਰੀਕਾ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਪ੍ਰਵਾਸੀਆਂ ਸਬੰਧੀ ਨੀਤੀ ਦੀ ਗੱਲ ਰਾਸ਼ਟਰਪਤੀ ਕੋਲ ਰੱਖੀ ਅਤੇ ਉਨਾਂ ਨੂੰ ਪੱਕੇ ਕਰਨ ਸਬੰਧੀ ਚਰਚਾ ਕੀਤੀ। ਇਸ ਉੱਤੇ ਅਮਰੀਕਾ ਦੀ ਸਰਕਾਰ ਦੀ ਤਰਫੋਂ ਰਾਸ਼ਟਰਪਤੀ ਬਾਇਡਨ ਨੇ ਜਸਪ੍ਰੀਤ ਸਿੰਘ ਅਟਾਰਨੀ ਨੂੰ ਭਰੋਸਾ ਦੁਆਇਆ ਕਿ ਇਸ ਸਬੰਧੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਇਸ ਬੰਨੇ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਅਮਰੀਕਾ ਵਿੱਚ ਸਿੱਖ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਖਾਸਕਰ ਨਫਰਤੀ ਅਪਰਾਧ ਦੇ ਮਾਮਲਿਆਂ ਨੂੰ ਰੋਕਣ ਸਬੰਧੀ ਵੀ ਜਸਪ੍ਰੀਤ ਸਿੰਘ ਅਟੋਰਨੀ ਨੇ ਵਿਸ਼ੇਸ਼ ਤੌਰ ’ਤੇ ਰਾਸ਼ਟਰਪਤੀ ਕੋਲ ਜ਼ਿਕਰ ਕੀਤਾ ਜਿਨਾਂ ਨੇ ਜੁਆਬ ਵਿੱਚ ਇਹ ਭਰੋਸਾ ਦੁਆਇਆ ਕਿ ਉਹ ਇਸ ਮਾਮਲੇ ਵਿੱਚ ਸਿੱਖ ਭਾਈਚਾਰੇ ਦੇ ਨਾਲ ਖੜ੍ਹੇ ਹਨ।
ਰਾਸ਼ਟਰਪਤੀ ਜੋਅ ਬਾਇਡਨ ਨੇ ਜਸਪ੍ਰੀਤ ਸਿੰਘ ਅਟਾਰਨੀ ਦੇ ਕੋਲ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਉਨਾਂ ਦੇ ਮਨ ਵਿੱਚ ਸਿੱਖ ਭਾਈਚਾਰੇ ਲਈ ਬੇਹੱਦ ਸਤਿਕਾਰ ਹੈ, ਜਿਸ ਨੇ ਕਈ ਦਹਾਕਿਆਂ ਤੋਂ ਅਮਰੀਕਾ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਇਆ ਹੈ। ਰਾਸ਼ਟਰਪਤੀ ਬਾਇਡਨ ਨੇ ਭਰੋਸਾ ਦੁਆਇਆ ਕਿ ਸਿੱਖ ਕੌਮ ਨਾਲ ਸਬੰਧਤ ਵੱਖ ਵੱਖ ਮਾਮਲਿਆਂ ਉੱਤੇ ਭਾਰਤ ਸਰਕਾਰ ਦੇ ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿਛਲੇ ਦਿਨੀਂ ਜਸਪ੍ਰੀਤ ਸਿੰਘ ਅਟਾਰਨੀ ਵੱਲੋਂ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਭਾਰਤ ਵਿੱਚ ਸਿੱਖ ਕੌਮ ਦੀ ਸਥਿਤੀ ਅਤੇ ਖਾਸ ਕਰ ਕੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਰਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ ਸੀ। ਇਸ ਤਰ੍ਹਾਂ ਅਮਰੀਕਾ ਵਿੱਚ ਪ੍ਰਵਾਸੀਆਂ ਅਤੇ ਖਾਸ ਕਰ ਸਿੱਖ ਕੌਮ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਜਸਪ੍ਰੀਤ ਸਿੰਘ ਅਟਾਰਨੀ ਲਗਾਤਾਰ ਅਮਰੀਕਾ ਦੇ ਪ੍ਰਮੁੱਖ ਆਗੂਆਂ ਨਾਲ ਸੰਪਰਕ ਵਿੱਚ ਚੱਲ ਰਹੇ ਹਨ।