ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-43 ਦੀ ਜ਼ਿਲ੍ਹਾ ਅਦਾਲਤ ਨੇ ਬੌਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੂੰ ਇੱਕ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ ਅਦਾਲਤ ਨੇ ਕੰਗਨਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਰੁੱਧ ਦਾਇਰ ਕੀਤੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਜਾਰੀ ਕੀਤਾ। ਨਾਲ ਹੀ, ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ’ਤੇ ਪਾ ਦਿੱਤੀ ਹੈ। ਇਹ ਅਰਜ਼ੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਵਿੰਦਰ ਸਿੰਘ ਬੱਸੀ ਨੇ ਦਾਇਰ ਕੀਤੀ ਹੈ। ਐਡਵੋਕੇਟ ਬੱਸੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਨੇ ਫ਼ਿਲਮ ‘ਐਮਰਜੈਂਸੀ’ ਰਾਹੀਂ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਦੇ ਅਕਸ ਨੂੰ ਗਲਤ ਦਿਖਾਉਣ ਦੇ ਨਾਲ-ਨਾਲ ਸਿੱਖਾਂ ’ਤੇ ਕਈ ਤਰ੍ਹਾਂ ਦੇ ਝੂਠੇ ਦੋਸ਼ ਲਗਾਏ ਗਏ ਹਨ ਅਤੇ ਇਸ ਲਈ ਕੰਗਨਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ ਜਿਸ ਉੱਤੇ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।