ਤਲਵੰਡੀ ਸਾਬੋ/ਪੰਜਾਬ ਪੋਸਟ
ਤਖਤ ਸ੍ਰੀਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ‘ਵਿਸਾਖੀ’ਦੇ ਪਵਿੱਤਰ ਦਿਹਾੜੇ ’ਤੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਗੁਰੂਘਰ ਨਤਮਸਤਕ ਹੋਈਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਧਾਰਮਿਕ ਸਮਾਗਮਾਂ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਉੱਚ ਧਾਰਮਿਕ ਸਖਸ਼ੀਅਤਾਂ ਨੇ ਹਾਜਰੀ ਭਰੀ।
ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਸਾਹਿਬ ਅਤੇ ਤਖਤ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਵਲੋਂ ਸਬਦ ਕੀਰਤਨ ਕੀਤਾ ਗਿਆ। ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਭੋਗ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂਅ ਜਾਰੀ ਸੰਦੇਸ਼ ਵਿੱਚ ਸੰਗਤਾਂ ਨੂੰ ਦੇਹਧਾਰੀ ਗੁਰੂਡੰਮ੍ਹ ਦਾ ਤਿਆਗ ਕਰਕੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖੀ ਨੂੰ ਢਾਹ ਲਾਉਣ ਲਈ ਚੁਫੇਰਿਉਂ ਹੋ ਰਹੇ ਹਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਮੂਹ ਸਿੱਖਾਂ ਅਤੇ ਸਿੱਖ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਝੰਡੇ ਹੇਠ ਇਕੱਤਰ ਹੋਣ ਦੀ ਅਪੀਲ ਕੀਤੀ।ਉੱਧਰ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸੰਪਰਦਾਇ ਮਸਤੂਆਣਾ ਮੁਖੀ ਬਾਬਾ ਟੇਕ ਸਿੰਘ ਧਨੌਲਾ ਅਤੇ ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਸੰਗਤਾਂ ਨੂੰ 1699 ’ਚ ਖਾਲਸੇ ਦੀ ਕੀਤੀ ਸਾਜਨਾ ਦੇ ਬਿਰਤਾਂਤ ਤੋਂ ਜਾਣੂੰ ਕਰਵਾਇਆ।