ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਆਪਣੇ ਤਾਜ਼ਾ ਫੈਸਲੇ ਤਹਿਤ ਮਾਈਕ ਵਾਲਟਜ਼ ਦੀ ਥਾਂ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਕਾਰਜਕਾਰੀ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਨਿਯੁਕਤ ਕੀਤਾ ਹੈ। ਇਸ ਦੌਰਾਨ, ਮਾਈਕ ਵਾਲਟਜ਼ ਨੂੰ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਟਰੰਪ ਦੇ ਐਲਾਨ ਤੋਂ ਥੋੜ੍ਹੀ ਦੇਰ ਪਹਿਲਾਂ, ਖ਼ਬਰ ਆਈ ਕਿ ਵਾਲਟਜ਼ ਅਤੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਲੇਕਸ ਵੋਂਗ ਨੂੰ ਟਰੰਪ ਪ੍ਰਸ਼ਾਸਨ ਤੋਂ ਹਟਾ ਦਿੱਤਾ ਗਿਆ ਹੈ। ਟਰੰਪ ਨੇ ਕਿਹਾ ਕਿ ਰੂਬੀਓ ਵਿਦੇਸ਼ ਮੰਤਰੀ ਬਣੇ ਰਹਿਣਗੇ। ਟਰੰਪ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ‘ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਈਕ ਵਾਲਟਜ਼ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਰਾਜਦੂਤ ਹੋਣਗੇ। ਵਾਲਟਜ਼ ਨੇ ਵੱਖ-ਵੱਖ ਭੂਮਿਕਾਵਾਂ ਨਿਭਾਉਂਦੇ ਹੋਏ ਰਾਸ਼ਟਰੀ ਹਿੱਤ ਨੂੰ ਸਭ ਤੋਂ ਉੱਪਰ ਰੱਖਿਆ’। ਉਨ੍ਹਾਂ ਕਿਹਾ ਕਿ ਅੰਤਰਿਮ ਪ੍ਰਬੰਧ ਦੇ ਤਹਿਤ, ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੀ ਜ਼ਿੰਮੇਵਾਰੀ ਸੰਭਾਲਣਗੇ। ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਐਲਾਨ ਕੀਤਾ ਕਿ ਉਹ ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਵਜੋਂ ਸੇਵਾ ਨਿਭਾਉਣ ਲਈ ਮਾਈਕ ਵਾਲਟਜ਼ ਨੂੰ ਨਾਮਜ਼ਦ ਕਰ ਰਹੇ ਹਨ। ਇਸ ਦੇ ਨਾਲ ਹੀ, ਵਿਦੇਸ਼ ਮੰਤਰੀ ਮਾਰਕੋ ਰੂਬੀਓ ਵਿਦੇਸ਼ ਵਿਭਾਗ ਦੀ ਅਗਵਾਈ ਕਰਦੇ ਰਹਿਣਗੇ ਅਤੇ ਕਾਰਜਕਾਰੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਸੇਵਾ ਨਿਭਾਉਣ ਦੀ ਵਾਧੂ ਜ਼ਿੰਮੇਵਾਰੀ ਸੰਭਾਲਣਗੇ।






