ਪਟਿਆਲਾ/ਪੰਜਾਬ ਪੋਸਟ
ਆਪਣੇ ਦੋ ਦਿਨਾ ਪੰਜਾਬ ਦੌਰੇ ਦੇ ਪਹਿਲੇ ਪੜਾਅ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਭਰਵੀਂ ਰੈਲੀ ਨੂੰ ਸੰਬੋਧਿਤ ਕੀਤਾ। ਕੇਸਰੀ ਰੰਗ ਦੀ ਦਸਤਾਰ ਸਜਾ ਕੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਓਹ ਬਹੁਤ ਖੁਸ਼ਕਿਸਮਤ ਹਨ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਛੋਹ ਅਤੇ ਕਾਲੀ ਮਾਤਾ ਜੀ ਦੇ ਪਾਵਨ ਸਥਾਨ ਪਟਿਆਲਾ ਵਿਖੇ ਆਉਣ ਦਾ ਮੌਕਾ ਮਿਲਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰੇਕ ਪੰਜਾਬੀ ਚੰਗੀ ਤਰ੍ਹਾਂ ਜਾਣਦਾ ਹੈ ਕਿ ਆਪਣਾ ਵੋਟ ਬੇਕਾਰ ਨਹੀਂ ਕਰਨਾ ਅਤੇ ਉਨ੍ਹਾਂ ਕਿਹਾ ਕਿ ਵੋਟ ਉਸ ਨੂੰ ਪਾਓ ਜੋ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ ਲਵੇ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਕਾਰਜਕਾਲ ਦੀ ਗੱਲ ਕਰਦੇ ਹੋਏ ਅੱਗੇ ਕਿਹਾ ਕਿ ਜਿੰਨੀ ਸੇਵਾ ਓਹ ਕਰ ਸਕਦੇ ਸਨ ਓਨੀ ਉਨ੍ਹਾਂ ਨੇ ਕੀਤੀ ਹੈ। ਸਿੱਖ ਕੌਮ ਨਾਲ ਸਬੰਧਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਅਤੇ ਸਰਕਾਰ ਵੱਲੋਂ ਗੁਰੂ ਘਰਾਂ ਦੇ ਲੰਗਰ ਨੂੰ ਟੈਕਸ ਮੁਕਤ ਕਰਨ ਦੀ ਗੱਲ ਕਰਦੇ ਹੋਏ ਉਨਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵੀ ਇਹ ਕਰ ਸਕਦੀਆਂ ਸਨ। ਪੀ. ਐੱਮ. ਮੋਦੀ ਨੇ ਰੈਲੀ ਦੌਰਾਨ ਇਹ ਵੀ ਕਿਹਾ ਕਿ ਸਨਅਤਕਾਰ ਪੰਜਾਬ ਛੱਡ ਕੇ ਜਾ ਰਹੇ ਹਨ, ਨਸ਼ਾਖੋਰੀ ਵਧ ਰਹੀ ਹੈ ਅਤੇ ਸੂਬਾ ਸਰਕਾਰ ਕਰਜ਼ੇ ’ਤੇ ਚੱਲ ਰਹੀ ਹੈ। ਵਿਰੋਧੀ ਇੰਡੀਆ ਗੱਠਜੋੜ ਬਾਰੇ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਕੋਈ ਨੇਤਾ ਹੈ ਅਤੇ ਨਾ ਹੀ ਇਰਾਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ਾਲ ਫਤਿਹ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਸਿਰਫ ਪਟਿਆਲਾ ਦੇ ਹੀ 12 ਲੱਖ, 86 ਹਜ਼ਾਰ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ, 7 ਲੱਖ 8 ਹਜ਼ਾਰ ਆਯੁਸ਼ਮਾਨ ਕਾਰਡ ਬਣਾਏ ਗਏ ਅਤੇ ਐੱਲ. ਪੀ. ਜੀ. ਗੈਸ ਸਿਲੰਡਰ 1 ਲੱਖ, 25 ਹਜ਼ਾਰ ਔਰਤਾਂ ਨੂੰ ਮਿਲਿਆ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਮਨਪ੍ਰੀਤ ਬਾਦਲ ਅਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਹਾਜ਼ਰ ਹਨ।
ਵੋਟ ਉਸ ਨੂੰ ਪਾਓ ਜੋ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ ਲਵੇ : ਮੋਦੀ

Published: