ਨਵੀਂ ਦਿੱਲੀ/ਪੰਜਾਬ ਪੋਸਟ
ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿੱਚ ਅਤਿਵਾਦੀ ਕੈਂਪਾਂ ‘ਤੇ ਕੀਤੇ ਗਏ ਮਿਜ਼ਾਈਲ ਹਮਲਿਆਂ ਤੋਂ ਬਾਅਦ, ਵਿਦੇਸ਼ੀ ਏਅਰਲਾਈਨਾਂ ਸਮੇਤ ਵੱਖ-ਵੱਖ ਏਅਰਲਾਈਨਾਂ ਨੇ ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਘੱਟੋ-ਘੱਟ 35 ਉਡਾਣਾਂ ਰੱਦ ਕਰ ਦਿੱਤੀਆਂ ਹਨ। ਸੂਤਰ ਨੇ ਦੱਸਿਆ ਕਿ 23 ਘਰੇਲੂ ਰਵਾਨਗੀ ਅਤੇ 8 ਆਗਮਨ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਰਾਤ 12 ਵਜੇ ਤੋਂ 4 ਅੰਤਰਰਾਸ਼ਟਰੀ ਰਵਾਨਗੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਵੀ ਦੱਸਿਆ ਗਿਆ ਹੈ ਕਿ ਅਮਰੀਕਨ ਏਅਰਲਾਈਨਜ਼ ਸਮੇਤ ਵਿਦੇਸ਼ੀ ਏਅਰਲਾਈਨਾਂ ਨੇ ਦਿੱਲੀ ਹਵਾਈ ਅੱਡੇ ਤੋਂ ਆਪਣੀਆਂ ਕੁਝ ਸੇਵਾਵਾਂ ਰੱਦ ਕਰ ਦਿੱਤੀਆਂ ਹਨ। ਇਸੇ ਤਰਾਂ, ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ‘ਸਿੰਦੂਰ’ ਤੋਂ ਬਾਅਦ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਵਜੋਂ, ਅੰਮ੍ਰਿਤਸਰ ਹਵਾਈ ਅੱਡੇ ਨੂੰ ਪਹਿਲਾਂ ਰਾਤ 10 ਵਜੇ ਤੱਕ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਸੀ, ਬਾਅਦ ਵਿੱਚ ਹੁਣ ਇਸ ਨੂੰ 10 ਮਈ ਸ਼ਾਮ 5.30 ਵਜੇ ਤੱਕ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।