ਪੰਜਾਬ ਪੋਸਟ/ਬਿਓਰੋ
ਪੰਜਾਬ ਵਿਚ ਅੱਜ 11 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰੇ ਨਾਲੋਂ ਇੱਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ 31 ਮਈ ਤੱਕ ਚੱਲਿਆ ਹੈ। ਐਤਕੀਂ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲੁਆਈ ਹੋਣੀ ਹੈ ਅਤੇ ਪਹਿਲੇ ਗੇੜ ਤਹਿਤ ਅੱਜ ਤੋਂ ਮਾਲਵਾ ਖ਼ਿੱਤੇ ਦੇ ਛੇ ਜ਼ਿਲਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਉਂਜ, ਮਾਨਸਾ ਜ਼ਿਲੇ ਵਿਚ ਸਮੇਂ ਤੋਂ ਪਹਿਲਾਂ ਹੀ ਝੋਨੇ ਦੀ ਲੁਆਈ ਸ਼ੁਰੂ ਹੋਣ ਦੀਆਂ ਖ਼ਬਰਾਂ ਹਨ। ਇੱਥੇ ਪਿਛਲੇ ਸਾਲ 16 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਈ ਸੀ। ਮਾਲਵਾ ਖ਼ਿੱਤੇ ਦੇ ਜ਼ਿਲਾ ਮੁਕਤਸਰ ਸਾਹਿਬ, ਫ਼ਰੀਦਕੋਟ, ਮਾਨਸਾ, ਬਠਿੰਡਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਤੋਂ ਇਲਾਵਾ ਕੌਮਾਂਤਰੀ ਸਰਹੱਦਾਂ ਦੀ ਕੰਡਿਆਲੀ ਤਾਰ ਤੋਂ ਪਾਰ ਲਈ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਪਾਵਰਕੌਮ ਵੱਲੋਂ ਇਨਾਂ ਜ਼ਿਲਿਆਂ ਨੂੰ ਖੇਤੀ ਸੈਕਟਰ ਵਾਸਤੇ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਦੋਂ ਕਿ ਪਹਿਲਾਂ ਹੀ ਸਮੁੱਚੇ ਪੰਜਾਬ ਨੂੰ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਸੀ। ਮਾਲਵਾ ਖ਼ਿੱਤੇ ਦੇ ਕਰੀਬ 300 ਬਿਜਲੀ ਗਰਿੱਡਾਂ ਤੋਂ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ਪਾਵਰਕੌਮ ਲਈ ਝੋਨੇ ਦਾ ਇਹ ਸੀਜ਼ਨ ਪਰਖ ਦੀ ਘੜੀ ਹੋਵੇਗਾ ਕਿਉਂਕਿ ਮੌਜੂਦਾ ਸਮੇਂ ਪੰਜਾਬ ਵਿਚ ਬਿਜਲੀ ਦੀ ਮੰਗ 12,500 ਮੈਗਾਵਾਟ ਚੱਲ ਰਹੀ ਹੈ ਅਤੇ ਅੱਠ ਘੰਟੇ ਬਿਜਲੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਵਿਚ ਇੱਕ ਹਜ਼ਾਰ ਤੋਂ 1300 ਮੈਗਾਵਾਟ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿਚ ਰੋਜ਼ਾਨਾ ਅੱਠ ਘੰਟੇ ਤੋਂ ਜ਼ਿਆਦਾ ਬਿਜਲੀ ਮਿਲ ਸਕਦੀ ਹੈ।