ਪਟਿਆਲਾ/ਪੰਜਾਬ ਪੋਸਟ
ਪਟਿਆਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅੱਜ ਬੰਬ ਬਰਾਮਦ ਹੋਣ ਦੀ ਸੂਚਨਾ ਮਿਲਣ ਉਪਰੰਤ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਰਾਜਪੁਰਾ ਰੋਡ ਨੇੜੇ ਆਤਮਾ ਰਾਮ ਸਕੂਲ ਗਰਾਊਂਡ ਦੇ ਕੂੜੇ ਦੇ ਡੰਪ ਵਿੱਚੋਂ ਬੰਬ ਲਾਂਚਰ ਮਿਲੇ। ਬੰਬ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤੁਰੰਤ ਇਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਰਾਹਗੀਰ ਨੇ ਟਰੈਫ਼ਿਕ ਪੁਲਿਸ ਮੁਲਾਜ਼ਮਾਂ ਨੂੰ ਇਸ ਦੀ ਸੂਚਨਾ ਦਿੱਤੀ ਕਿ ਉੱਥੇ ਬੰਬ ਪਏ ਹਨ। ਟਰੈਫਿਕ ਪੁਲਿਸ ਦੇ ਇੰਚਾਰਜ ਏਐਸਆਈ ਅਮਰਜੀਤ ਸਿੰਘ ਹੌਲਦਾਰ ਗੁਰਪਿਆਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਤੁਰੰਤ ਥਾਣਾ ਲਹੌਰੀ ਗੇਟ ਦੀ ਟੀਮ ਨੂੰ ਸੂਚਿਤ ਕੀਤਾ ਜਿੱਥੇ ਉਹਨਾਂ ਨੇ ਬੰਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।