ਦਿੱਲੀ/ਪੰਜਾਬ ਪੋਸਟ
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਨੂੰ ਬਰਤਾਨੀਆਂ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਪੁੱਛ-ਪੜਤਾਲ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਜਾਂਚ ਅਧੀਨ ਇਸ ਮਾਮਲੇ ’ਚ ਅਪਣਾ ਬਿਆਨ ਦਰਜ ਕਰਵਾਉਣ ਲਈ ਉਨ੍ਹਾਂ ਨੂੰ 17 ਜੂਨ ਨੂੰ ਸੰਘੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਾਡਰਾ (56) ਨੂੰ 10 ਜੂਨ ਨੂੰ ਇਸ ਮਾਮਲੇ ’ਚ ਪੁੱਛ-ਪੜਤਾਲ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ 9 ਜੂਨ ਨੂੰ ਫਲੂ ਵਰਗੇ ਲੱਛਣ ਹੋਣ ਦੀ ਗੱਲ ਕਹੀ ਸੀ ਅਤੇ ਪ੍ਰੋਟੋਕੋਲ ਮੁਤਾਬਕ ਉਨ੍ਹਾਂ ਦਾ ਕੋਵਿਡ ਟੈਸਟ ਹੋਇਆ ਸੀ। ਉਨ੍ਹਾਂ ਦੇ ਵਕੀਲ ਨੇ ਉਦੋਂ ਕਿਹਾ ਸੀ ਕਿ ਵਾਡਰਾ ਦਾ ਸੰਮਨ ਤੋਂ ਬਚਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਵਿਚ ਵਿਦੇਸ਼ ਯਾਤਰਾ ਤੋਂ ਪਹਿਲਾਂ ਜਾਂ ਬਾਅਦ ਵਿਚ ਕਿਸੇ ਵੀ ਸਮੇਂ ਈ.ਡੀ. ਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ।






