ਦਿੱਲੀ/ਪੰਜਾਬ ਪੋਸਟ
ਕੇਂਦਰ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਐਸਵਾਈਐਲ ਮੁੱਦੇ ਦੇ ਹੱਲ ਲਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸੱਦੀ ਗਈ ਸੀ ਅਤੇ ਇਹ ਮੀਟਿੰਗ ਸ਼੍ਰਮ ਸ਼ਕਤੀ ਭਵਨ ਵਿਖੇ ਹੋਈ, ਜਿਸ ਵਿੱਚ ਜਲ ਸ਼ਕਤੀ ਮੰਤਰਾਲੇ ਦਾ ਮੁੱਖ ਦਫ਼ਤਰ ਸਥਿਤ ਹੈ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਸੀ.ਆਰ. ਪਾਟਿਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪੋ-ਆਪਣੇ ਵਫ਼ਦਾਂ ਨਾਲ ਸ਼ਿਰਕਤ ਕੀਤੀ। ਮੀਟਿੰਗ ਤੋਂ ਪਹਿਲਾਂ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਕਾਰ ਪਾਣੀ ਦੀ ਵੰਡ ਦੇ ਦਹਾਕਿਆਂ ਪੁਰਾਣੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਇਸੇ ਅਧਾਰ ‘ਤੇ ਗੱਲਬਾਤ ਹੋਈ ਹੈ। ਮੀਟਿੰਗ ‘ਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਵੱਲ ਮੋੜਨ ਅਤੇ ਸਤਲੁਜ ਯਮੁਨਾ ਲਿੰਕ ਨਹਿਰ ਵਿਵਾਦ ਨੂੰ ਹਮੇਸ਼ਾ ਲਈ ਹੱਲ ਕਰ ਦੇਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਵਾਈਐਲ ਵਿਵਾਦ ਨੂੰ ਖਤਮ ਕਰਨ ਲਈ ਪਾਕਿਸਤਾਨ ਨਾਲ ਪਹਿਲਾਂ ਹੀ ਮੁਅੱਤਲ ਕਰ ਦਿੱਤੀ ਗਈ ਸਿੰਧ ਜਲ ਸੰਧੀ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਹੈ। ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਸੱਦੀ ਗਈ, ਕਿਉਂਕਿ ਸਿਖਰਲੀ ਅਦਾਲਤ ਨੇ ਕੇਂਦਰ ਨੂੰ ਦੋਵਾਂ ਸੂਬਿਆਂ 13 ਅਗਸਤ ਤੱਕ ਸਮਝੌਤਾ ਕਰਾਉਣ ਦੇ ਹੁਕਮ ਦਿੱਤੇ ਸਨ ਅਤੇ ਅਦਾਲਤ 13 ਅਗਸਤ ਨੂੰ ਮਾਮਲੇ ਦੀ ਅਗਲੀ ਸੁਣਵਾਈ ਕਰੇਗੀ।







