ਪੰਜਾਬ ਪੋਸਟ/ਬਿਓਰੋ
ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਾਰਤੀ ਜਥੇ ਨਾਲ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਵਿਸਾਖੀ ਸਮਾਗਮਾਂ ਵਿਚ ਹਾਜ਼ਰੀ ਭਰੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਨਤਮਸਤਕ ਹੋਣ ਉਪਰੰਤ ਮਰੀਅਮ ਨਵਾਜ਼ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ ਅਤੇ ਭਾਰਤੀ ਸ਼ਰਧਾਲੂਆਂ ਸਣੇ ਸਮੂਹ ਸੰਗਤ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਉਨ੍ਹਾਂ ਨੇ ਉਸ ਥਾਂ ਉੱਤੇ ਕਣਕ ਦੀ ਵਾਢੀ ਕੀਤੀ, ਜਿੱਥੇ ਬਾਬੇ ਨਾਨਕ ਨੇ ਖੇਤੀ ਕੀਤੀ ਸੀ। ਦੱਸ ਦੇਈਏ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ ਵਿਸਾਖੀ ਪੂਰਬ ਮਨਾਉਣ ਲਈ ਭਾਰਤ ਤੋਂ 3000 ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਇਆ ਸੀ।