ਕੀਵ/ਪੰਜਾਬ ਪੋਸਟ
ਰੂਸ ਨੇ ਯੂਕਰੇਨ ਦੀ ਰਾਜਧਾਨੀ ‘ਤੇ ਫਿਰ ਤੋਂ ਵੱਡੇ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ, ਜਿਸ ਨਾਲ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਅੱਗ ਲੱਗ ਗਈ ਅਤੇ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ ਹਨ। ਤਿੰਨ ਸਾਲਾਂ ਦੀ ਜੰਗ ਦੌਰਾਨ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ ਹੈ। ਕੀਵ ਦੇ ਮੇਅਰ ਵਿਟਾਲੀ ਕਲਿਟਸਕੋ ਨੇ ਟੈਲੀਗ੍ਰਾਮ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ੇਵਚੇਨਕੀਵਸਕੀ ਜ਼ਿਲ੍ਹੇ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗ ਗਈ ਅਤੇ ਬਚਾਅ ਕਰਮਚਾਰੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਕੀਵ ਖੇਤਰੀ ਪ੍ਰਸ਼ਾਸਨ ਦੇ ਮੁਖੀ ਤੈਮੂਰ ਤਾਕਾਚੇਂਕੋ ਨੇ ਕਿਹਾ ਕਿ ਘੱਟੋ-ਘੱਟ ਪੰਜ ਹੋਰ ਜ਼ਿਲ੍ਹਿਆਂ ਵਿੱਚ ਰਿਹਾਇਸ਼ੀ ਇਮਾਰਤਾਂ, ਕਾਰਾਂ, ਗੋਦਾਮਾਂ, ਦਫ਼ਤਰਾਂ ਅਤੇ ਹੋਰ ਗੈਰ-ਰਿਹਾਇਸ਼ੀ ਢਾਂਚਿਆਂ ਨੂੰ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ 10 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਛਿੱਲੜਾਂ ਲੱਗੀਆਂ ਹਨ।ਰੂਸ ਨੇ ਹਾਲ ਹੀ ਵਿੱਚ ਵੱਡੇ ਪੱਧਰ ‘ਤੇ ਹਵਾਈ ਹਮਲੇ ਕਰਕੇ ਯੂਕਰੇਨੀ ਹਵਾਈ ਰੱਖਿਆ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ।







