ਮੋਗਾ/ਪੰਜਾਬ ਪੋਸਟ
ਅੱਜ ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੀ ਗਈ ਮਹਾਂਪੰਚਾਇਤ ਦੌਰਾਨ ਪੰਜਾਬ ਦੇ ਕੋਨੇ ਕੋਨੇ ਤੋਂ ਵਹੀਰਾਂ ਘੱਤ ਕੇ ਸ਼ਾਮਲ ਹੋਏ ਕਿਸਾਨਾਂ ਕਾਰਨ ਰਿਕਾਰਡ ਤੋੜ ਜਨ ਸੈਲਾਬ ਉਮੜਿਆ। ਸੰਯੁਕਤ ਕਿਸਾਨ ਮੋਰਚਾ ਵਲੋਂ 13 ਜਨਵਰੀ ਨੂੰ ਤਹਿਸੀਲ ਹੈਡਕੁਆਰਟਰਾਂ ਉੱਤੇ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਦੀਆਂ ਕਾਪੀਆਂ ਸਾੜਣ ਅਤੇ ਪਿਛਲੇ ਸਾਲਾਂ ਦੀ ਤਰਜ਼ ਉੱਤੇ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਐਕਸ਼ਨ ਪ੍ਰੋਗਰਾਮਾਂ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਰੱਦ ਕਰਨ, ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਦੀ ਮੰਗ ਕਰਨ ਦੇ ਨਾਲ ਨਾਲ ਬਾਰਡਰਾਂ ਤੇ ਸੰਘਰਸ਼ੀਲ ਕਿਸਾਨਾਂ ਦਾ ਸਮਰਥਨ ਕੀਤਾ ਜਾਵੇਗਾ। ਮੋਗਾ ਮਹਾਂਪੰਚਾਇਤ ਵਿੱਚ ਜੁੜੇ ਇਕੱਠ ਨੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣ, ਸਵਾਮੀਨਾਥਨ ਫਾਰਮੂਲੇ ਤਹਿਤ ਐਮ.ਐਸ.ਪੀ ‘ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਸਮੇਤ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਖਾਤਰ ਕਿਸਾਨ ਲਹਿਰ ਦੇ ਸਾਂਝੇ/ਤਾਲਮੇਲਵੇ ਸੰਘਰਸ਼ ਦੀ ਲੋੜ ਦੇ ਮੱਦੇਨਜ਼ਰ ਏਕਤਾ ਮਤਾ ਪਾਸ ਕੀਤਾ। ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਏਕਤਾ ਕਮੇਟੀ ਭਲਕੇ 10 ਜਨਵਰੀ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਵਿਖੇ ਏਕਤਾ ਦਾ ਇਹ ਮਤਾ ਲੈਕੇ ਜਾਵੇਗੀ ਜਿਸ ਵਿਚ 15 ਜਨਵਰੀ ਨੂੰ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਾਂਝੀ ਮੀਟਿੰਗ ਕਰਨ ਦਾ ਸੱਦਾ ਵੀ ਸ਼ਾਮਲ ਹੈ।
ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਰਾਵਾਈ ਮਹਾਂਪੰਚਾਇਤ ਵਿੱਚ ਹੋਇਆ ਵੱਡਾ ਇਕੱਠ

Published: