ਸ਼੍ਰੋਮਣੀ ਕਮੇਟੀ ਵੱਲੋਂ 328 ਸਰੂਪਾਂ ਦੇ ਮਾਮਲੇ ’ਚ ਪੁਲਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਾ ਦੇਣ ਦਾ ਐਲਾਨ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਧਿਕਾਰੀਆਂ ਦੀ ਮੀਟਿੰਗ ਮਗਰੋਂ ਜਾਰੀ ਬਿਆਨ ਵਿਚ ਸਮੁੱਚੇ ਮਾਮਲੇ ’ਤੇ ਸਿੱਖ ਸੰਸਥਾ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਜਿਹੜੇ ਇਸ ਮਾਮਲੇ ਵਿਚ ਦੋਸ਼ੀ ਮੁਲਾਜ਼ਮ ਸਨ, ਉਨ੍ਹਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਸੰਸਥਾ ਲਈ ਅੰਤਮ ਏ, ਜਿਸ ਅਨੁਸਾਰ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸਿੱਖ ਗੁਰਦੁਆਰਾ ਐਕਟ ਦੀ ਭਾਵਨਾ ਅਨੁਸਾਰ ਕਾਰਜ ਕਰਦੀ ਹੈ ਅਤੇ ਇਸ ਦੌਰਾਨ ਕੰਮ ਕਰਨ ਵਾਲੇ ਹਰ ਮੁਲਾਜ਼ਮ ਦੀ ਆਪਣੀ ਨਿਰਧਾਰਤ ਜ਼ੁੰਮੇਵਾਰੀ ਹੈ। ਜੇਕਰ ਉਸ ਵਿਚ ਕੋਈ ਅਵੱਗਿਆ ਕਰਦਾ ਹੈ ਤਾਂ ਉਸ ਖਿਲਾਫ਼ ਸਰਵਿਸ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਨੀ ਸੰਸਥਾ ਦਾ ਆਪਣਾ ਅਧਿਕਾਰ ਹੈ। ਸ਼੍ਰੋਮਣੀ ਕਮੇਟੀ ਦੀ ਤਰਫੋਂ ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ।

Read News Paper

Related articles

spot_img

Recent articles

spot_img