ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਕਮੇਟੀ ਦਾ ਸਾਲਾਨਾ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ। ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋਣ ਵਾਲੇ ਆਮ ਇਜਲਾਸ ਵਿੱਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿੱਚ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਬਣਾਇਆ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਸੁਧਾਰ ਲਹਿਰ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਨਾਉਣ ਦਾ ਫੈਸਲਾ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਹੈ। ਇਸ ਮਾਮਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਕੀਤੀ ਜਾ ਚੁੱਕੀ ਹੈ। ਬੀਬੀ ਜਗੀਰ ਕੌਰ 2022 ਵਿੱਚ ਹੋਏ ਜਨਰਲ ਇਜਲਾਸ ਵਿੱਚ ਵੀ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਸਨ ਅਤੇ ਉਨ੍ਹਾਂ ਦੇ ਹੱਕ ਵਿੱਚ 40 ਤੋਂ ਵੱਧ ਉਮੀਦਵਾਰਾਂ ਨੇ ਵੋਟ ਪਾਈ ਸੀ। ਹੁਣ ਹਾਲਾਤ ਹੋਰ ਨੇ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਵਾਰ ਵੋਟਾਂ ਦੇ ਸਮੀਕਰਨ ਪਿਛਲੀ ਵਾਰ ਨਾਲੋਂ ਕੁੱਝ ਬਦਲੇ ਨਜ਼ਰ ਆ ਸਕਦੇ ਹਨ।