ਚੰਡੀਗੜ੍ਹ/ਪੰਜਾਬ ਪੋਸਟ
ਚੰਡੀਗੜ੍ਹ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਤਾਜ਼ਾ ਮੀਟਿੰਗ ਹੋਈ ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿਤਾ ਗਿਆ ਹੈ। ਅੰਤ੍ਰਿੰਗ ਕਮੇਟੀ ਵਿਚ ਇਸ ਸਬੰਧੀ ਬਾਕਾਇਦਾ ਇੱਕ ਮਤਾ ਵੀ ਪਾਇਆ ਗਿਆ। ਇਸ ਦੇ ਨਾਲ ਹੀ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਕਮੇਟੀ ਮੈਂਬਰ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਦੇ ਘਰ ਜਾ ਕੇ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਹੋਵੇਗੀ। ਪਿਛਲੇ ਦਿਨੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਨਾ ਲੈਣ ਦੀ ਗੱਲ ਆਖ ਚੁੱਕੇ ਹਨ ਜਿਸ ਨੂੰ ਲੈ ਕੇ ਪੰਜਾਬ ਵਿਚ ਬਹੁਤ ਚਰਚਾ ਹੋ ਰਹੀ ਸੀ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਹੋਈ ਅੱਜ ਦੀ ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਅਸਤੀਫ਼ਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਅਸਤੀਫਾ ਦਿੱਤਾ ਹੋਇਆ ਹੈ। ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ

Published: