ਅੰਮਿ੍ਰਤਸਰ/ਬਿਓਰੋ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਕਰਨ ਲਈ ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ’ਚ ਕਮੇਟੀ ਨੂੰ ਦਿੱਤਾ ਗਿਆ 27 ਜਨਵਰੀ ਤੱਕ ਦਾ ਸਮਾਂ ਖਤਮ ਹੋਣ ਵਾਲਾ ਹੈ। ਉੱਧਰ, ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮੁਲਾਕਾਤ ਲਈ ਸਮਾਂ ਦੇਣ ਲਈ ਹੁਣ ਤੱਕ ਕੋਈ ਹੁੰਗਾਰਾ ਨਹੀਂ ਮਿਲਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਇੱਕ ਹੋਰ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਡੀ.ਜੀ.ਪੀ. ਅਤੇ ਜੇਲ੍ਹ ਸੁਪਰਡੈਂਟ ਨੂੰ ਪੱਤਰ ਭੇਜੇ ਗਏ ਹਨ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁਲਾਕਾਤ ਸਬੰਧੀ ਕੋਈ ਹੁੰਗਾਰਾ ਨਹੀਂ ਮਿਲਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦਫਤਰ ਨੂੰ ਪੱਤਰ ਭੇਜਿਆ ਗਿਆ ਸੀ ਅਤੇ ਪ੍ਰਧਾਨ ਮੰਤਰੀ ਦਫਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਸੰਪਰਕ ਕਰਨ ਲਈ ਕਿਹਾ ਸੀ।