ਅੰਮਿ੍ਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਨਾ ਬਜਟ ਇਜਲਾਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿੱਚ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਕਾਰਜ ਖੇਤਰ ਅਤੇ ਸੇਵਾ ਮੁਕਤੀ ਆਦਿ ਬਾਰੇ ਨਿਯਮ ਬਣਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਜਲਾਸ ਵਿੱਚ ਆਪਣੀ ਕੋਈ ਸੁਣਵਾਈ ਨਾ ਹੋਣ ’ਤੇ ਇਜਲਾਸ ਵਿਚੋਂ ਵਾਕਆਊਟ ਕਰ ਦਿੱਤਾ। ਉਨਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਆ ਕੇ ਧਰਨਾ ਦਿੱਤਾ। ਧਰਨਾਕਾਰੀਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਭੌਰ, ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ ਅਤੇ ਹੋਰ ਆਗੂ ਵੀ ਸ਼ਾਮਲ ਸਨ। ਉਨਾਂ ਆਖਿਆ ਕਿ ਉਹ ਬਜਟ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਦੇ ਸਬੰਧ ਵਿੱਚ ਮਤਾ ਪੇਸ਼ ਕਰਨਾ ਚਾਹੁੰਦੇ ਸਨ, ਪਰ ਉਨਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।