ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾਵੇਗੀ। ਉਧਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਦਫਤਰ ਵਿਚ ਸੱਦੀ ਹੈ। ਅਕਾਲ ਤਖ਼ਤ ਦੇ ਸਕੱਤਰੇਤ ਇੰਚਾਰਜ ਵੱਲੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਕ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਕਰਨ ਲਈ ਅੱਜ 8 ਅਪਰੈਲ ਨੂੰ ਸਵੇਰੇ 9:30 ਵਜੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਭਾਵੇਂ ਇਸ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਏ ਪਰ ਸੂਤਰਾਂ ਮੁਤਾਬਕ ਪੰਥਕ ਮਾਮਲਿਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮਾਮਲੇ ’ਤੇ ਵੀ ਵਿਚਾਰ ਹੋ ਸਕਦੀ ਹੈ। ਮੀਟਿੰਗ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਦੇ ਮਾਮਲੇ ਤੋਂ ਇਲਾਵਾ ਹੋਰ ਪੰਥਕ ਮੁੱਦੇ ਵਿਚਾਰੇ ਜਾਣਗੇ। ਚੇਤੇ ਰਹੇ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਭਰਤੀ ਕਮੇਟੀ ਦੇ ਦੋ ਮੈਂਬਰ ਇਸ ਤੋਂ ਅਸਤੀਫਾ ਦੇ ਚੁੱਕੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਭਰਤੀ ਮੁਹਿੰਮ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਜਲਦੀ ਹੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਵੱਲੋਂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਆਮ ਸੰਗਤ ਵਿੱਚ ਦੁਚਿੱਤੀ ਬਣੀ ਹੋਈ ਹੈ।