ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੇ ਪੁਲੀਸ ਕੇਸ ਨੂੰ ਮੰਨਣ ਤੋਂ ਇੰਨਕਾਰ ਕਰਦਿਆਂ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਹੈ। ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ਅਤੇ ਮਾਮਲੇ ਨੂੰ ਵਿਚਾਰਨ ਲਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਗਿਆ ਹੈ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ ਦੀ ਇਸ ਕਾਰਵਾਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਸਮੁੱਚਾ ਰਿਕਾਰਡ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਜਾਵੇਗਾ। ਇਸ ਮਾਮਲੇ ਚ ਅਗਲੇ ਦੀ ਕਾਰਵਾਈ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਹੀ ਹੋਵੇਗੀ।






