*ਪਿਛਲੇ ਸਮੇਂ ਦੌਰਾਨ ਪਾਰਟੀ ਵੱਲੋਂ ਹੋਈਆਂ ਗਲਤੀਆਂ ਵਿੱਚ ਆਪਣੀ ਹਿੱਸੇਦਾਰੀ ਵੀ ਕਬੂਲੀ
ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਤੋਂ ਬਾਗੀ ਹੋਏ ਅਕਾਲੀ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਇਸ ਧਿਰ ਦੇ ਨਵ-ਨਿਯੁਕਤ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਆਪਣੇ ਸਾਥੀਆਂ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉ੍ਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਉਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰਤਾਪ ਸਿੰਘ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਅਕਾਲੀ ਦਲ ਦੇ ਬਾਦਲ ਧੜੇ ਤੋਂ ਵੱਖ ਹੋਏ ਆਗੂਆਂ ਵੱਲੋਂ ਸਰਬਸੰਮਤੀ ਨਾਲ ਅਕਾਲੀ ਸੁਧਾਰ ਲਹਿਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚੇ ਹਨ। ਇਸ ਨਵੀਂ ਲਹਿਰ ਦੀ ਤਿਆਰੀ ਪਿੱਛੇ ਦੇ ਕਾਰਨ ਦੱਸਦੇ ਹੋਏ ਉਨਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਸੀ ਜਿਸ ਕਰਕੇ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਮਾਫੀਨਾਮਾ ਪੱਤਰ ਵੀ ਦਿੱਤਾ ਹੈ ਅਤੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਨਵੇਂ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿਣ ਸਮੇਂ ਜੋ ਗਲਤੀਆਂ ਅਕਾਲੀ ਦਲ ਦੇ ਪ੍ਰਧਾਨ ਨੇ ਕੀਤੀਆਂ ਉਸ ਵਿੱਚ ਉਹਨਾਂ ਨੇ ਆਪਣੇ ਆਪ ਨੂੰ ਵੀ ਬਰਾਬਰ ਦੇ ਭਾਗੀਦਾਰ ਕਬੂਲਣ ਦੇ ਗੱਲ ਆਖੀ ਅਤੇ ਕਿਹਾ ਕਿ ਇਸੇ ਕਰਕੇ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਾਫੀਨਾਮਾ ਪੱਤਰ ਵੀ ਦਿੱਤਾ ਗਿਆ ਹੈ ਅਤੇ ਇਹ ਵੀ ਕਿਹਾ ਕਿ ਇਸ ਬਦਲੇ ਜਿਸ ਤਰੀਕੇ ਦੀ ਵੀ ਧਾਰਮਿਕ ਸਜ਼ਾ ਲਾਈ ਜਾਵੇਗੀ ਉਹ ਸਜ਼ਾ ਮਨਜ਼ੂਰ ਹੋਵੇਗੀ । ਉਹਨਾਂ ਇਸ ਗੱਲ ਉੱਤੇ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨ ਦੇ ਅੰਦਰ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ।