ਚੰਡੀਗੜ੍ਹ/ਪੰਜਾਬ ਪੋਸਟ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਮੌਜੂਦਗੀ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਤਖਤ ਸਾਹਿਬ ਵਿਖੇ ਤਲਬ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਸਬੰਧੀ ਪੰਜਾਬੀ ਵਿੱਚ ਇਕ ਪੋਸਟ ਸਾਂਝੀ ਕੀਤੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਮਿਲੇ ਆਦੇਸ਼ ਮੁਤਾਬਕ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ’ਤੇ ਪੰਥ ਨਾਲ ਖ਼ਿਲਵਾੜ ਕਰਨ ਦੇ ਦੋਸ਼ ਲਾਏ ਗਏ ਸਨ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕਤਰਤਾ ਤੋਂ ਬਾਅਦ ਸੁਖਬੀਰ ਬਾਦਲ ਨੂੰ ਤਲਬ ਕਰਕੇ 15 ਦਿਨਾਂ ਦੇ ਅੰਦਰ ਅੰਦਰ ਲਿਖ਼ਤੀ ਰੂਪ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ, ਕਿਹਾ ਸੁਖਬੀਰ ਸਿੰਘ ਬਾਦਲ ਨੇ

Published: