ਦਿੱਲੀ/ਪੰਜਾਬ ਪੋਸਟ
ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਐੱਮ. ਬੀ. ਬੀ.ਐੱਸ. ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨ. ਆਰ. ਆਈ ਕੋਟੇ’ ਦੀ ਪ੍ਰੀਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਨੂੰ ਅੱਜ ਖ਼ਾਰਜ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਇਸ ਕਾਰਵਾਈ ਨੂੰ ‘ਪੂਰੀ ਤਰ੍ਹਾਂ ਧੋਖਾਧੜੀ’ ਅਤੇ ‘ਪੈਸੇ ਕਮਾਉਣ ਦਾ ਜ਼ਰੀਆ’ ਕਰਾਰ ਦਿੱਤਾ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਮਾਮਲਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਹ ਐੱਨਆਰਆਈ ਕਾਰੋਬਾਰ ਫਰਾਡ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੀ 10 ਸਤੰਬਰ ਨੂੰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਸੀ ਕਿ ਇਹ ਸੰਭਵ ਤੌਰ ’ਤੇ ਦੁਰਵਰਤੋਂ ਦੇ ਰਾਹ ਖੋਲ੍ਹਣ ਵਾਲਾ ਹੈ।