ਨਵੀਂ ਦਿੱਲੀ/ਪੰਜਾਬ ਪੋਸਟ
ਸੁਪਰੀਮ ਕੋਰਟ ਨੇ ਗੁਜਰਾਤ ਵਿਚ ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆਂ ਦੇ ਮਾਮਲੇ ਵਿੱਚ ਛੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਆਪਣਾ ਫ਼ੈਸਲਾ ਸੁਣਾਉਂਦੇ ਹੋਏ, ਸੁਪਰੀਮ ਕੋਰਟ ਨੇ ਕਿਹਾ ਕਿ ਸਿਰਫ਼ ਮੌਕੇ ’ਤੇ ਮੌਜੂਦ ਹੋਣਾ ਜਾਂ ਉੱਥੋਂ ਗ੍ਰਿਫ਼ਤਾਰ ਕੀਤਾ ਜਾਣਾ ਇਹ ਸਾਬਤ ਕਰਨ ਲਈ ਕਾਫ਼ੀ ਨਹੀਂ ਹੈ ਕਿ ਉਹ ਇੱਕ ਗ਼ੈਰ-ਕਾਨੂੰਨੀ ਭੀੜ ਦਾ ਹਿੱਸਾ ਸਨ। ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਗੁਜਰਾਤ ਹਾਈ ਕੋਰਟ ਦੇ 2016 ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਗੋਧਰਾ ਕਾਂਡ ਤੋਂ ਬਾਅਦ 2002 ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਛੇ ਲੋਕਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਉਲਟਾ ਦਿੱਤਾ ਗਿਆ ਸੀ। ਬੈਂਚ ਨੇ ਕਿਹਾ ਕਿ ਸਿਰਫ਼ ਮੌਕੇ ’ਤੇ ਮੌਜੂਦ ਹੋਣਾ ਜਾਂ ਉੱਥੋਂ ਗ੍ਰਿਫ਼ਤਾਰੀਆਂ ਕਰਨਾ ਇਹ ਸਾਬਤ ਕਰਨ ਲਈ ਕਾਫ਼ੀ ਨਹੀਂ ਹੈ ਕਿ ਉਹ (ਛੇ ਲੋਕ) ਇੱਕ ਹਜ਼ਾਰ ਤੋਂ ਵੱਧ ਲੋਕਾਂ ਦੇ ਗ਼ੈਰ-ਕਾਨੂੰਨੀ ਇਕੱਠ ਦਾ ਹਿੱਸਾ ਸਨ। ਵਡੋਦਰਾ ਦੇ ਇੱਕ ਪਿੰਡ ’ਚ ਭੀੜ ਨੇ ਕਥਿਤ ਤੌਰ ’ਤੇ ਇੱਕ ਕਬਰਸਤਾਨ ਅਤੇ ਇੱਕ ਮਸਜਿਦ ਨੂੰ ਘੇਰ ਲਿਆ ਸੀ, ਇਸ ਘਟਨਾ ਵਿੱਚ ਧੀਰੂਭਾਈ ਭਾਈਲਾਲਭਾਈ ਚੌਹਾਨ ਅਤੇ ਪੰਜ ਹੋਰਾਂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।