ਚੰਡੀਗੜ੍ਹ/ਪੰਜਾਬ ਪੋਸਟ
ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਅੱਜ 22 ਫ਼ਰਵਰੀ ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਰਸਮੀ ਸੱਦਾ ਪੱਤਰ ਵੀ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਫ਼ਰਵਰੀ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬੈਠਕ ਹੋਈ ਸੀ। ਇਹ ਮੀਟਿੰਗ ਪੌਣੇ ਤਿੰਨ ਘੰਟੇ ਦੇ ਕਰੀਬ ਚੱਲੀ ਸੀ। ਇਸ ਮੀਟਿੰਗ ਵਿੱਚ ਕੇਂਦਰੀ ਟੀਮ ਦੀ ਅਗਵਾਈ ਖ਼ਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੀਤੀ ਜਦਕਿ ਦੋ ਕਿਸਾਨੀ ਫੋਰਮਾਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ ਸੀ।