ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ’ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ’ਤੇ ਟੁੱਟਵੇਂ ਰੂਪ ਵਿਚ ਰੋਕ ਲਗਾ ਦਿੱਤੀ ਹੈ। ਇਸ ਦਾ ਭਾਵ ਇਹ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਮਗਰੋਂ ਇਨ੍ਹਾਂ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ਪ੍ਰਭਾਵਿਤ ਹੋਵੇਗੀ ਅਤੇ ਇਹ ਰੋਕ 14 ਅਕਤੂਬਰ ਤੱਕ ਲਗਾਈ ਗਈ ਹੈ, ਜਿਸ ਕਰਕੇ ਇਨ੍ਹਾਂ ਪੰਚਾਇਤਾਂ ਦੀ ਚੋਣ 15 ਅਕਤੂਬਰ ਨੂੰ ਨਹੀਂ ਹੋਵੇਗੀ। ਕਰੀਬ ਤਿੰਨ ਸੌ ਪਟੀਸ਼ਨਾਂ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ ਹੁਣ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਦੀਪ ਮੋਦਗਿਲ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਕੋਲ ਕਰੀਬ 300 ਤੋਂ ਵੱਧ ਪਟੀਸ਼ਨਾਂ ਦੇ ਕੇਸ ਸੁਣਵਾਈ ਅਧੀਨ ਸੀ। ਇਨ੍ਹਾਂ ਵਿੱਚੋਂ ਦਰਜਨਾਂ ਪਟੀਸ਼ਨਾਂ ਮੌਕੇ ’ਤੇ ਵਾਪਸ ਲੈ ਲਈਆਂ ਗਈਆਂ। ਅੰਦਾਜ਼ਨ 250 ਪਟੀਸ਼ਨਾਂ ’ਤੇ ਬਹਿਸ ਮਗਰੋਂ ਹਾਈ ਕੋਰਟ ਨੇ ਸਬੰਧਤ ਪਿੰਡਾਂ ਵਿੱਚ ਪੰਚਾਇਤੀ ਚੋਣ ਦੇ ਅਮਲ ’ਤੇ ਰੋਕ ਲਾ ਦਿੱਤੀ ਜਦਕਿ 100 ਪਟੀਸ਼ਨਾਂ ਉੱਤੇ ਅੱਜ ਵੀ ਸੁਣਵਾਈ ਹੋਣੀ ਹੈ।