ਪੰਜਾਬ ਪੋਸਟ/ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰ ਸਿੰਘ ਮਾਨ ਨੇ ਸ਼ਹੀਦ ਅਗਨੀਵੀਰ ਜਵਾਨ ਅਜੈ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਲੈਂਡਮਾਈਨ ਦੇ ਧਮਾਕੇ ਵਿੱਚ ਸ਼ਹੀਦ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਜਵਾਨ ਨੇ ਜੰਮੂ ਕਸ਼ਮੀਰ ਵਿੱਚ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਜੋ ਦੇਸ਼ ਲਈ ਖਾਸ ਕਰਕੇ ਮਾਪਿਆਂ ਲਈ ਨਾ-ਪੂਰਿਆ ਜਾਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਲਈ ਸ਼ਹੀਦ ਜਵਾਨ ਵੱਲੋਂ ਕੀਤੀ ਕੁਰਬਾਨੀ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ ਜੋ ਦੇਸ਼ ਵਾਸੀਆਂ ਦੀ ਰਾਖੀ ਕਰਦਿਆਂ ਜਾਨ ਕੁਰਬਾਨ ਕਰ ਗਏ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਇਹ ਬਹਾਦਰ ਜਵਾਨ ਦੇ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਨਿਮਾਣਾ ਜਿਹਾ ਉਪਰਾਲਾ ਕਰ ਰਹੀ ਹੈ।
ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਿੱਤੀ ਇਮਦਾਦ ਦੇਣ ਦਾ ਉਪਰਾਲਾ ਕਰ ਰਹੀ ਹੈ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਅਫਸੋਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।