(ਨਵੀਂ ਦਿੱਲੀ/ਪੰਜਾਬ ਪੋਸਟ)
ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਫੇਰ ਸਖ਼ਤ ਨਜ਼ਰ ਆਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਵਿੱਚ ਸਰਬ ਉੱਚ ਅਦਾਲਤ ਨੇ ਇਸ ਮਾਮਲੇ ਵਿੱਚ ਸਰਕਾਰਾਂ ਨੂੰ ਫਟਕਾਰ ਲਗਾਈ ਅਤੇ ਨਾਲ ਹੀ ਕਿਹਾ ਕਿ ਇਸ ਮਾਮਲੇ ‘ਚ ਜ਼ਮੀਨੀ ਪੱਧਰ ‘ਤੇ ਕੰਮ ਨਹੀਂ ਹੋਇਆ ਹੈ। ਅਦਾਲਤ ਦਾ ਮੰਨਣਾ ਹੈ ਕਿ ਦੋਵੇਂ ਸਰਕਾਰਾਂ ਕਾਨੂੰਨ ਅਨੁਸਾਰ ਕੰਮ ਕਰਨ ਵਿੱਚ ਅਸਫਲ ਰਹੀਆਂ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ‘ਚ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉੱਤਰੀ ਭਾਰਤ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਨਿਯਮ ਬਣਾਉਣ ਵਿਚ ਨਾਕਾਮ ਰਹਿਣ ਲਈ ਕੇਂਦਰ ਦੀ ਵੀ ਆਲੋਚਨਾ ਕੀਤੀ ਹੈ ਅਤੇ ਇਹ ਵੀ ਕਿਹਾ ਕਿ ਵਾਤਾਵਰਨ ਸੁਰੱਖਿਆ ਐਕਟ ‘ਸ਼ਕਤੀਹੀਣ’ ਹੋ ਗਿਆ ਲੱਗਦਾ ਹੈ।