ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਣੇ ਕੌਮੀ ਰਾਜਧਾਨੀ ਖੇਤਰ ਨਾਲ ਲੱਗਦੇ ਗੁਆਂਢੀ ਰਾਜਾਂ ਵਿੱਚ ਪਰਾਲੀ ਸਾੜਨ ਕਰਕੇ ਦਿੱਲੀ ’ਚ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਵਿੱਚ ਨਾਕਾਮ ਰਹਿਣ ਕਾਰਨ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ ਏ ਕਿਊ ਐੱਮ) ਦੀ ਝਾੜਝੰਬ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਮਿਸ਼ਨ ਨੂੰ ਇਸ ਮਸਲੇ ਦੇ ਹੱਲ ਲਈ ਵਧੇਰੇ ਸਰਗਰਮ ਪਹੁੰਚ ਅਪਣਾਉਣ ਦੀ ਲੋੜ ਹੈ। ਕਮਿਸ਼ਨ ਵੱਲੋਂ ਪ੍ਰਦੂਸ਼ਣ ਕੰਟਰੋਲ ਕਰਨ ਲਈ ਚੁੱਕੇ ਕਦਮਾਂ ’ਤੇ ਨਾਰਾਜ਼ਗੀ ਜਤਾਉਂਦਿਆਂ ਜਸਟਿਸ ਅਭੈ ਐੈੱਸ.ਓਕਾ ਅਤੇ ਜਸਟਿਸ ਅਗਸਟੀਨ ਜੌਰਜ ਮਸੀਹ ਦੇ ਦੂਹਰੇ ਬੈਂਚ ਨੇ ਕਿਹਾ ਕਿ ਸੀਏਕਿਊਐੱਮ ਕੌਮੀ ਰਾਜਧਾਨੀ ਖੇਤਰ ਅਤੇ ਨਾਲ ਲੱਗਦੇ ਖੇਤਰਾਂ ਬਾਰੇ ਐਕਟ, 2021 ਤਹਿਤ ਹਵਾ ਗੁਣਵੱਤਾ ਦੇ ਪ੍ਰਬੰਧਨ ਲਈ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰੇ। ਬੈਂਚ ਨੇ ਅਗਲੀ ਸੁਣਵਾਈ 3 ਅਕਤੂਬਰ ਲਈ ਨਿਰਧਾਰਿਤ ਕਰਦਿਆਂ ਕਮਿਸ਼ਨ ਨੂੰ ਉਦੋਂ ਤੱਕ ਕਾਰਵਾਈ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ।