ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਸ਼ੁਰੂ ਹੋ ਗਿਆ ਹੈ। ਡਿਪਟੀ ਕਮਿਸ਼ਨਰਾਂ ਨੇ ਚੋਣਾਂ ਦੀ ਤਿਆਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਹਨ। ਸੂਬੇ ਵਿੱਚ ਸਰਪੰਚਾਂ ਦੇ ਰਾਖਵੇਂਕਰਨ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਨੋਟੀਫ਼ਿਕੇਸ਼ਨ ਜਾਰੀ ਹੋ ਗਏ ਹਨ। ਡਿਪਟੀ ਕਮਿਸ਼ਨਰਾਂ ਵੱਲੋਂ ਪੰਚਾਇਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਵਾਲਾ 99 ਪੰਨਿਆਂ ਦਾ ਕਿਤਾਬਚਾ ਜਾਰੀ ਕੀਤਾ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 4 ਅਕਤੂਬਰ ਤੱਕ ਚੱਲੇਗੀ। ਪੰਜਾਬ ਦੀਆਂ 13,237 ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਹੋਣੇ ਹਨ ਜਿਨ੍ਹਾਂ ’ਚੋਂ 13,237 ਸਰਪੰਚ ਅਤੇ 84,437 ਪੰਚ ਚੁਣੇ ਜਾਣਗੇ। ਵੋਟਾਂ ਲਈ 19,110 ਪੋਲਿੰਗ ਬੂਥ ਬਣਾਏ ਜਾਣਗੇ।