ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਅੰਦਰ ਹੁਣ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਅਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ। ਹਥਿਆਰਾਂ ਦੇ ਲਾਇਸੈਂਸਾਂ ਨੂੰ ਪਿੰਡਾਂ ਵਿੱਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ। ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫ਼ੈਸਲੇ ਨਾਲ ਇੱਕ ਸਿਆਸੀ ਵਿਵਾਦ ਖੜ੍ਹਾ ਹੋ ਸਕਦਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਕੀਤੀ ਜਾਂਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ।