ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਜ਼ਿਮਨੀ ਚੋਣਾਂ ਲਈ ਅੱਜ 20 ਨਵੰਬਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈ ਰਹੀਆਂ ਹਨ। ਇਨਾਂ ਚੋਣਾਂ ਲਈ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸੂਬਾ ਚੋਣ ਕਮਿਸ਼ਨ ਵੱਲੋਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣਾਂ ਵਿਚ ਪੰਜਾਬ ਪੁਲੀਸ ਦੇ 6481 ਜਵਾਨ ਅਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ ਅਤੇ ਪੋਲਿੰਗ ਸਟੇਸ਼ਨਾਂ ਦੀ 100 ਫ਼ੀਸਦ ਲਾਈਵ ਵੈੱਬਕਾਸਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ। ਵਿਧਾਨ ਸਭਾ ਹਲਕਿਆਂ ’ਚ ਪੈਣ ਵਾਲੀਆਂ ਇਨਾਂ ਵੋਟਾਂ ਦੇ ਨਤੀਜੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਹੋ ਰਹੀਆਂ ਚੋਣਾਂ ਦੇ ਨਤੀਜਿਆਂ ਦੇ ਨਾਲ ਤਿੰਨ ਦਿਨ ਬਾਅਦ, 23 ਨਵੰਬਰ ਨੂੰ ਐਲਾਨੇ ਜਾਣਗੇ।