ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਜੇ ਸਟੋਰ ਨੂੰ ਪੱਤਰ ਲਿਖ ਕੇ ਨੋਬੇਲ ਸ਼ਾਂਤੀ ਪੁਰਸਕਾਰ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਠ ਅਹਿਮ ਜੰਗਾਂ ਰੁਕਵਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਨੋਬੇਲ ਨਹੀਂ ਮਿਲਿਆ, ਇਸ ਲਈ ਉਨ੍ਹਾਂ ਨੇ ਸ਼ਾਂਤੀ ਸਥਾਪਤ ਕਰਨ ਬਾਰੇ ਸੋਚਣਾ ਬੰਦ ਕਰ ਦਿੱਤਾ ਹੈ। ਟਰੰਪ ਨੇ ਕਿਹਾ ਕਿ ਆਲਮੀ ਰੁਝਾਨਾਂ ਦੇ ਮੱਦੇਨਜ਼ਰ ਵਿਸ਼ਵ ਭਰ ਵਿਚ ਸ਼ਾਂਤੀ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਰੀਨਲੈਂਡ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਇਕ ਕਾਰਨ ਇਹ ਵੀ ਹੈ ਕਿ ਹੁਣ ਉਨ੍ਹਾਂ ਸ਼ਾਂਤੀ ਸਥਾਪਤ ਕਰਨ ਬਾਰੇ ਸੋਚਣਾ ਬੰਦ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਨਾਰਵੇ ਤੇ ਫਿਨਲੈਂਡ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਹਿਲਾਂ ਪੱਤਰ ਲਿਖ ਕੇ ਯੂਰਪੀ ਦੇਸ਼ਾਂ ’ਤੇ ਟੈਕਸ ਵਧਾਉਣ ਦਾ ਵਿਰੋਧ ਕੀਤਾ ਸੀ। ਇਸ ਦਾ ਜਵਾਬ ਟਰੰਪ ਨੇ ਨੋਬੇਲ ਨਾ ਮਿਲਣ ਬਾਰੇ ਸ਼ਿਕਾਇਤ ਕਰਦਿਆਂ ਦਿੱਤਾ। ਉਨ੍ਹਾਂ ਨਾਰਵੇ ਦੇ ਪ੍ਰਧਾਨ ਮੰਤਰੀ ਨੂੰ ਇੱਕ ਸਖ਼ਤ ਸੰਦੇਸ਼ ਦਿੰਦਿਆਂ ਨਾਟੋ ਸਹਿਯੋਗੀਆਂ ਨਾਲ ਵੀ ਤਣਾਅ ਪੈਦਾ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਨੂੰ ਗ੍ਰੀਨਲੈਂਡ ਨੂੰ ਕੰਟਰੋਲ ਕਰਨਾ ਚਾਹੀਦਾ ਹੈ ਕਿਉਂਕਿ ਡੈਨਮਾਰਕ ਇਸ ਨੂੰ ਰੂਸ ਅਤੇ ਚੀਨ ਤੋਂ ਨਹੀਂ ਬਚਾ ਸਕਦਾ।







