ਦਿੱਲੀ/ਪੰਜਾਬ ਪੋਸਟ
ਕੇਂਦਰ ਦੀ ਮੋਦੀ ਸਰਕਾਰ ਨੇ ਅੱਜ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੇ ਪੈਨਲ ਦੀ ਰਿਪੋਰਟ ‘ਇੱਕ ਦੇਸ਼, ਇੱਕ ਚੋਣ’ ਨੂੰ ਮਨਜ਼ੂਰੀ ਦਿੱਤੀ ਹੈ। ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਇਸ ਸਬੰਧੀ ਇੱਕ ਬਿੱਲ (ਇੱਕੋ ਸਮੇਂ ਚੋਣਾਂ ਕਰਵਾਉਣ ਲਈ) ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ‘ਇੱਕ ਦੇਸ਼, ਇੱਕ ਚੋਣ’ ਤਹਿਤ ਸੰਸਦੀ ਅਤੇ ਵਿਧਾਨ ਸਭਾ ਚੋਣਾਂ ਨੂੰ ਇੱਕੋ ਵੇਲੇ ਕਰਵਾਉਣ ਦੀ ਤਜਵੀਜ਼ ਹੈ। ਮੋਦੀ ਸਰਕਾਰ ਦੇ 100 ਦਿਨਾਂ ਦੇ ਏਜੰਡੇ ਤਹਿਤ ‘ਇੱਕ ਦੇਸ਼, ਇੱਕ ਚੋਣ’ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ-ਪੱਧਰੀ ਕਮੇਟੀ ਨੇ ਇਸ ਸਾਲ ਮਾਰਚ ਵਿੱਚ ਆਪਣੀ ਰਿਪੋਰਟ ਸੌਂਪੀ ਸੀ ਅਤੇ ਰਾਜ ਚੋਣ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਚੋਣ ਕਮਿਸ਼ਨ (ਈ ਸੀ ਆਈ) ਨੂੰ ਸਾਂਝੀ ਵੋਟਰ ਸੂਚੀ ਅਤੇ ਵੋਟਰ ਪਛਾਣ ਪੱਤਰ ਤਿਆਰ ਕਰਨ ਦੀ ਸਿਫਾਰਸ਼ ਕੀਤੀ ਸੀ। ਦੂਜੇ ਬੰਨੇ, ਕਾਂਗਰਸ, ਆਪ ਅਤੇ ਹੋਰਾਂ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਅਜਿਹੇ ਚੋਣ ਅਮਲ ਦੇ ਖ਼ਿਲਾਫ਼ ਆਪਣੀ ਨਾਰਾਜ਼ਗੀ ਅਤੇ ਅਸੰਤੁਸ਼ਟੀ ਜ਼ਾਹਰ ਕੀਤੀ ਹੈ।