ਖਨੌਰੀ/ਪੰਜਾਬ ਪੋਸਟ
ਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ ਜਿਸ ਉਪਰੰਤ ਦੋਨਾਂ ਫੋਰਮਾ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਗਿਆ ਕਿ 1 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੂਰੇ ਦੇਸ਼ ਭਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਿਰੋਧ ਦਾ ਕਾਰਨ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ 26 ਨਵੰਬਰ ਨੂੰ ਤੜਕੇ 2.45 ਵਜੇ ਮੋਰਚੇ ਉੱਪਰ ਹਮਲਾ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਦੌਰਾਨ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋ ਹਸਪਤਾਲ ਅਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਵੱਲੋ ਖਨੌਰੀ ਬਾਰਡਰ ਉੱਪਰ ਮਰਨ ਵਰਤ ਜਾਰੀ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਐਮਐਸਪੀ ਗਾਰੰਟੀ ਕਾਨੂੰਨ ਕਿਸਾਨਾਂ ਲਈ ਕਰੋ ਜਾਂ ਮਰੋ ਦਾ ਮੁੱਦਾ ਹੈ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਉਨ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਦੀਆਂ ਜਾਰੀ ਰਹੇਗਾ। ਇਸ ਦੌਰਾਨ, ਸਮਾਣਾ ਦੇ ਸਰਕਾਰੀ ਹਸਪਤਾਲ ‘ਚੋਂ ਡਾਕਟਰਾਂ ਦੀ ਆਈ ਟੀਮ ਨੇ ਮਰਨ ਵਰਤ ‘ਤੇ ਖਨੌਰੀ ਬਾਰਡਰ ‘ਤੇ ਬੈਠੇ ਸੁਖਜੀਤ ਸਿੰਘ ਹਰਦੋਝੰਡੇ ਦਾ ਚੈੱਕ ਕਰਕੇ ਪਲੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਹਨਾਂ ਦੀ ਸਿਹਤ ਤੰਦਰੁਸਤ ਹੈ।