ਦਿੱਲੀ/ਪੰਜਾਬ ਪੋਸਟ
ਸੁਪਰੀਮ ਕੋਰਟ ਨੇ ਚਰਚਿਤ ਯੂ-ਟਿਊਬਰ ਰਣਵੀਰ ਇਲਾਹਾਬਾਦੀਆ ਨੂੰ ‘ਇੰਡੀਆਜ਼ ਗੌਟ ਲੇਟੈਂਟ’ ਨਾਂਅ ਦੇ ਸ਼ੋਅ ਵਿਚ ਮਹਿਮਾਨ ਜੱਜ ਵਜੋਂ ਕੀਤੀਆਂ ਅਸ਼ਲੀਲ ਟਿੱਪਣੀਆਂ ਨੂੰ ਲੈ ਕੇ ਭਾਰਤ ਭਰ ਵਿਚ ਦਰਜ ਕਈ ਐਫ਼.ਆਈ.ਆਰਜ਼. ਦੇ ਸੰਬੰਧ ਵਿਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸ਼ੋਅ ਇੰਡੀਆਜ਼ ਗੌਟ ਲੇਟੈਂਟ ’ਤੇ ਪ੍ਰਸਾਰਿਤ ਐਪੀਸੋਡ ਦੇ ਆਧਾਰ ’ਤੇ ਉਨ੍ਹਾਂ ਵਿਰੁੱਧ ਕੋਈ ਹੋਰ ਐਫ਼.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਰਣਵੀਰ ਇਲਾਹਾਬਾਦੀਆ ਨੂੰ ਆਪਣਾ ਪਾਸਪੋਰਟ ਪੁਲਿਸ ਕੋਲ ਜਮ੍ਹਾ ਕਰਨ ਲਈ ਕਿਹਾ ਹੈ ਅਤੇ ਨਾਲ ਹੀ ਕਿਹਾ ਹੈ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡ ਸਕਦਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਣਵੀਰ ਇਲਾਹਾਬਾਦੀਆ ਨੂੰ ਇਹ ਵੀ ਕਿਹਾ ਹੈ ਕਿ, “ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂਅ ‘ਤੇ ਕਿਸੇ ਨੂੰ ਵੀ ਸਮਾਜ ਦੇ ਨਿਯਮਾਂ ਦੇ ਵਿਰੁੱਧ ਕੁੱਝ ਵੀ ਕਹਿਣ ਦੀ ਇਜਾਜ਼ਤ ਨਹੀਂ ਹੈ।”







