ਇਸਲਾਮਾਬਾਦ/ਤੇਹਰਾਨ/ਪੰਜਾਬ ਪੋਸਟ
ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਇਸਲਾਮਾਬਾਦ ਵਿੱਚ ਹੋਣ ਵਾਲੇ ਦੂਜੇ ਗੇੜ ਦੀ ਵਾਰਤਾ ‘ਤੇ ਅਨਿਸ਼ਚਿਤਤਾ ਦੇ ਬੱਦਲ ਛਾ ਗਏ। ਈਰਾਨੀ ਵਿਦੇਸ਼ ਮੰਤਰਾਲੇ ਨੇ ਅਧਿਕਾਰਤ ਤੌਰ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਅਜੇ ਤੱਕ ਗੱਲਬਾਤ ਵਿੱਚ ਸ਼ਾਮਲ ਹੋਣ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਹੈ। ਈਰਾਨ ਨੇ ਅਮਰੀਕਾ ‘ਤੇ ‘ਬਦਨੀਤੀ’ ਅਤੇ ‘ਇਤਿਹਾਸਕ ਬੇਵਿਸ਼ਵਾਸੀ’ ਦਾ ਦੋਸ਼ ਲਗਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਧਮਕੀਆਂ ਦੇ ਸਾਏ ਹੇਠ ਕੋਈ ਵੀ ਸਮਝੌਤਾ ਕਰਨ ਲਈ ਤਿਆਰ ਨਹੀਂ ਹਨ। ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਦੋ ਹਫ਼ਤਿਆਂ ਦੀ ਜੰਗਬੰਦੀ ਭਲਕੇ ਬੁੱਧਵਾਰ ਰਾਤ ਨੂੰ ਖ਼ਤਮ ਹੋਣ ਜਾ ਰਹੀ ਹੈ।
ਹਾਰਮੁਜ਼ ਜਲਡਮਰੂ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਬਣੀ ਹੋਈ ਹੈ ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਕੋਈ ਪੱਕਾ ਸਮਝੌਤਾ ਨਹੀਂ ਹੁੰਦਾ, ਉਦੋਂ ਤੱਕ ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਜਾਰੀ ਰਹੇਗੀ। ਟਰੰਪ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਜੰਗਬੰਦੀ ਦੀ ਮਿਆਦ ਵਧਾਉਣ ਦੀ ਸੰਭਾਵਨਾ ਬਹੁਤ ਘੱਟ ਹੈ। ਦੂਜੇ ਪਾਸੇ, ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਕਿਰ ਗਾਲੀਬਾਫ਼ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜੰਗ ਦੁਬਾਰਾ ਸ਼ੁਰੂ ਹੁੰਦੀ ਹੈ, ਤਾਂ ਈਰਾਨ ਕੋਲ ਜੰਗ ਦੇ ਮੈਦਾਨ ਵਿੱਚ ਦਿਖਾਉਣ ਲਈ ਕਈ ‘ਨਵੇਂ ਪੱਤੇ’ ਤਿਆਰ ਹਨ। ਅਮਰੀਕੀ ਹਵਾਈ ਸੈਨਾ ਨੇ ਵੀ ਆਪਣੇ ਮਸ਼ਹੂਰ ‘ਏ-10 ਵਾਰਥੌਗ’ ਜੰਗੀ ਜਹਾਜ਼ਾਂ ਦੀ ਸੇਵਾ ਨੂੰ 2030 ਤੱਕ ਵਧਾਉਣ ਦਾ ਐਲਾਨ ਕਰ ਦਿੱਤਾ ਹੈ, ਜੋ ਇਸ ਵੇਲੇ ਹਾਰਮੁਜ਼ ਵਿੱਚ ਈਰਾਨੀ ਬੇੜਿਆਂ ਵਿਰੁੱਧ ਸਰਗਰਮ ਹਨ।
ਈਰਾਨ-ਅਮਰੀਕਾ ਗੱਲਬਾਤ ‘ਤੇ ਅਨਿਸ਼ਚਿਤਤਾ ਦੇ ਬੱਦਲ ਕਾਇਮ

Published:






