ਅੰਮ੍ਰਿਤਸਰ/ਪੰਜਾਬ ਪੋਸਟ
ਦਿੱਲੀ ਦੇ ਜੰਤਰ-ਮੰਤਰ ਅਤੇ ਪੁਣੇ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ, ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ ‘ਕਾਕਰੋਚ ਜਨਤਾ ਪਾਰਟੀ’ ਹੁਣ ਪੰਜਾਬ ਵਿੱਚ ਦਸਤਕ ਦੇਣ ਜਾ ਰਹੀ ਹੈ। ਪਾਰਟੀ ਦੇ ਸੰਸਥਾਪਕ ਅਤੇ ਨੌਜਵਾਨ ਕਾਰਕੁਨ ਅਭਿਜੀਤ ਦਿਪਕੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਅਗਲਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ 13 ਜੂਨ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਦੇਸ਼ ਦੇ ਨੌਜਵਾਨਾਂ, ਖ਼ਾਸ ਕਰਕੇ ‘ਜਨਰੇਸ਼ਨ ਜ਼ੈੱਡ’ ਦੀ ਅਗਵਾਈ ਵਾਲੀ ਇਹ ਮੁਹਿੰਮ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਨੌਜਵਾਨਾਂ ਦਾ ਇਹ ਗੁੱਸਾ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਅਤੇ ਸੀ.ਬੀ.ਐਸ.ਈ. ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਹੋਈਆਂ ਕਥਿਤ ਗੜਬੜੀਆਂ ਖ਼ਿਲਾਫ਼ ਭੜਕਿਆ ਹੈ। ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਅਤੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਦੱਸਿਆ ਕਿ ‘ਕਾਕਰੋਚ ਜਨਤਾ ਪਾਰਟੀ’ ਵੱਲੋਂ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਇੱਕ ਸ਼ਾਂਤਮਈ ਰੋਸ ਪ੍ਰਦਰਸ਼ਨ ਉਲੀਕਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਭਵਿੱਖ ਦੀ ਰੱਖਿਆ ਅਤੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਤੈਅ ਕਰਨ ਲਈ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਦਾ ਹਿੱਸਾ ਬਣਨ। ਅਜਿਹੇ ਸਮੇਂ ਜਦੋਂ ਪੰਜਾਬ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਰਿਹਾ ਹੈ ਅਤੇ ਸਾਰੀਆਂ ਰਵਾਇਤੀ ਸਿਆਸੀ ਪਾਰਟੀਆਂ ਜ਼ਮੀਨੀ ਪੱਧਰ ’ਤੇ ਆਪਣਾ ਵੋਟ-ਬੈਂਕ ਮਜ਼ਬੂਤ ਕਰਨ ਲਈ ਸਰਗਰਮ ਹਨ, ‘ਕਾਕਰੋਚ ਜਨਤਾ ਪਾਰਟੀ’ ਦਾ ਇਹ ਪ੍ਰਦਰਸ਼ਨ ਪੰਜਾਬ ਦੇ ਸਿਆਸੀ ਤਾਪਮਾਨ ਨੂੰ ਹੋਰ ਵਧਾ ਸਕਦਾ ਹੈ। ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਇਹ ਗੁੱਸਾ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।
‘ਕਾਕਰੋਚ ਜਨਤਾ ਪਾਰਟੀ’ ਵੱਲੋਂ ਅੰਮ੍ਰਿਤਸਰ ਵਿੱਚ ਅੱਜ ਰੋਸ ਪ੍ਰਦਰਸ਼ਨ ਦਾ ਐਲਾਨ

Published:






