ਦਿੱਲੀ ਦੇ ਗੁਰਦੁਆਰੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ, ਸੰਗਤ ਵਿੱਚ ਭਾਰੀ ਰੋਸ ; 45 ਸਾਲਾ ਮੁਲਜ਼ਮ ਗਿ੍ਰਫਤਾਰ

Published:

Rate this post

ਸਿੱਖ ਆਗੂਆਂ ਨੇ ਪ੍ਰਬੰਧਕਾਂ ਦੀ ਜਵਾਬਦੇਹੀ ਤੈਅ ਕਰਨ ਅਤੇ ਸੀਸੀਟੀਵੀ ਫੁਟੇਜ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਕੀਤੀ ਮੰਗ

ਨਵੀਂ ਦਿੱਲੀ/ਪੰਜਾਬ ਪੋਸਟ :

ਰਾਜਧਾਨੀ ਦਿੱਲੀ ਦੇ ਪੱਛਮੀ ਇਲਾਕੇ ਤਿਲਕ ਨਗਰ ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੇ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਪੁਲਿਸ ਨੇ ਮਾਮਲੇ ਵਿੱਚ 45 ਸਾਲਾ ਮੁਲਜ਼ਮ ਸਤਨਾਮ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਹੈ। ਉੱਧਰ, ਸਿੱਖ ਆਗੂਆਂ ਨੇ ਘਟਨਾ ਦੀ ਨਿਰਪੱਖ ਜਾਂਚ ਦੇ ਨਾਲ-ਨਾਲ ਗੁਰਦੁਆਰਾ ਪ੍ਰਬੰਧਕਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਵੀ ਉਠਾਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ 15 ਨਵੰਬਰ ਨੂੰ ਸ਼ਾਮ ਕਰੀਬ 4:15 ਵਜੇ ਵਾਪਰੀ। ਦੋਸ਼ ਹੈ ਕਿ ਗੁਰਦੁਆਰਾ ਸਾਹਿਬ ਅੰਦਰ ਇੱਕ ਵਿਅਕਤੀ ਵੱਲੋਂ ਅਪਮਾਨਜਨਕ ਹਰਕਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਸਬੰਧਤ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਮੁਲਜਮ ਦੀ ਪਛਾਣ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਅਗਲੇ ਦਿਨ ਜਦੋਂ ਮੁਲਜਮ ਮੁੜ ਗੁਰਦੁਆਰੇ ਪਹੁੰਚਿਆ ਤਾਂ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਪਛਾਣ ਕੇ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਪੁਲਿਸ ਵੱਲੋਂ ਸਤਨਾਮ ਸਿੰਘ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸੰਗਤ ਵੱਲੋਂ ਮੁਲਜਮ ਨੂੰ ਸ਼ਖਤ ਸਜਾ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮਾਮਲੇ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਨਾਲ ਜੁੜੇ ਪਰਮਜੀਤ ਸਿੰਘ ਸਰਨਾ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਬਹੁਤ ਗੰਭੀਰ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਦੀ ਮੰਗ ਹੈ ਕਿ ਗੁਰਦੁਆਰੇ ਵਿੱਚ ਅਜਿਹੀ ਘਟਨਾ ਵਾਪਰਨ ’ਤੇ ਸਿਰਫ ਮੁਲਜਮ ਹੀ ਨਹੀਂ, ਸਗੋਂ ਪ੍ਰਬੰਧਕਾਂ ਅਤੇ ਪ੍ਰਧਾਨ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ।
ਦਿੱਲੀ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਨੇ ਵੀ ਇਸ ਘਟਨਾ ਬਾਰੇ ਸਵਾਲ ਉਠਾਉਂਦਿਆਂ ਕਿਹਾ ਕਿ ਸੰਗਤ ਨੂੰ ਸਮੇਂ ਸਿਰ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਲਿਖਤੀ ਸ਼ਿਕਾਇਤ ਭੇਜਣ ਅਤੇ ਮੌਜੂਦਾ ਪ੍ਰਬੰਧਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ. ਸਮੇਤ ਹੋਰ ਸਿੱਖ ਆਗੂਆਂ ਨੇ ਵੀ ਘਟਨਾ ਦੀ ਪੂਰੀ ਜਾਂਚ ਕਰਵਾਉਣ ਦੀ ਲੋੜ ’ਤੇ ਜੋਰ ਦਿੱਤਾ ਹੈ। ਉਨ੍ਹਾਂ ਵੱਲੋਂ ਸਵਾਲ ਉਠਾਇਆ ਗਿਆ ਕਿ ਜਦੋਂ ਗੁਰਦੁਆਰੇ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਤਾਂ ਘਟਨਾ ਦੇ ਹਰ ਪਹਿਲੂ ਦੀ ਜਾਂਚ ਕਿਉਂ ਨਾ ਕੀਤੀ ਜਾਵੇ। ਮੁਲਜਮ ਦੀ ਪਛਾਣ, ਉਸ ਦੇ ਆਉਣ-ਜਾਣ ਅਤੇ ਘਟਨਾ ਨਾਲ ਜੁੜੀਆਂ ਸਾਰੀਆਂ ਗਤੀਵਿਧੀਆਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।
ਸਿੱਖ ਆਗੂਆਂ ਨੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪੁਲਿਸ ਤੋਂ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Read News Paper

Related articles

spot_img

Recent articles

spot_img